#PUNJAB

ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਨਾਲ ਜੁੜੇ ਮਾਮਲਿਆਂ ‘ਚ ਸੁਖਬੀਰ ਬਾਦਲ ਹੋਰਨਾਂ ਮੁਲਜ਼ਮਾਂ ਸਮੇਤ ਚੰਡੀਗੜ੍ਹ ਦੀ ਅਦਾਲਤ ‘ਚ ਪੇਸ਼

ਅਦਾਲਤ ਦੇ ਬਾਹਰ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਕੀਤੇ ਗਏ ਤਾਇਨਾਤ
ਚੰਡੀਗੜ੍ਹ, 3 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਨਾਲ ਜੁੜੇ ਹੋਰਨਾਂ ਮਾਮਲਿਆਂ ਵਿਚ ਹੋਰਨਾਂ ਮੁਲਜ਼ਮਾਂ ਸਮੇਤ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਹੋਏ।
ਸੁਣਵਾਈ ਦੌਰਾਨ ਅਦਾਲਤ ਵਿਚ ਭਾਰੀ ਸੁਰੱਖਿਆ ਬਲ ਤਾਇਨਾਤ ਰਿਹਾ। ਅਦਾਲਤ ਦੇ ਬਾਹਰ ਵੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਇਸ ਤੋਂ ਪਹਿਲਾਂ 10 ਅਗਸਤ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਵੱਲੋਂ ਪਬਲਿਕ ਪ੍ਰੌਸੀਕਿਊਟਰ ਜ਼ਰੀਏ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਬਕਾਇਆ ਜਾਂਚ ਬਾਰੇ ਇੱਕ ਸੀਲਬੰਦ ਲਿਫ਼ਾਫ਼ੇ ਵਿਚ ਸਟੇਟਸ ਰਿਪੋਰਟ ਚੰਡੀਗੜ੍ਹ ਦੀ ਅਦਾਲਤ ਵਿਚ ਦਾਖ਼ਲ ਕੀਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਅਪਰੈਲ 2026 ‘ਚ ਕੋਟਕਪੂਰਾ ਗੋਲੀ ਕਾਂਡ ਅਤੇ ਜਾਇਦਾਦ ਦੇ ਨੁਕਸਾਨ ਨਾਲ ਸਬੰਧਤ ਬੇਅਦਬੀ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਸੈਸ਼ਨ ਕੋਰਟ ਵਿਚ ਤਬਦੀਲ ਕਰ ਦਿੱਤੀ ਗਈ ਸੀ।
ਕੋਟਕਪੂਰਾ ਗੋਲੀ ਕਾਂਡ ਦੀ ਇਹ ਘਟਨਾ 14 ਅਕਤੂਬਰ 2015 ਨੂੰ ਵਾਪਰੀ ਸੀ, ਜੋ ਕਿ ਜੂਨ ਅਤੇ ਸਤੰਬਰ 2015 ਵਿਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ਦੇ ਗੁਰਦੁਆਰਿਆਂ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਵਾਪਰੀ ਸੀ। ਬੇਅਦਬੀ ਦੀਆਂ ਇਨ੍ਹਾਂ ਘਟਨਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ।
ਇਸ ਦੌਰਾਨ ਬਹਿਬਲ ਕਲਾਂ ਵਿਖੇ ਹੋਈ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕੋਟਕਪੂਰਾ ਦੀ ਘਟਨਾ ਵਿਚ ਕਈ ਲੋਕ ਜ਼ਖ਼ਮੀ ਹੋ ਗਏ ਸਨ।
ਇਸ ਮਾਮਲੇ ਵਿਚ ਸਾਬਕਾ ਪੁਲਿਸ ਮੁਖੀ (ਡੀ.ਜੀ.ਪੀ.) ਸੁਮੈਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸਿੰਘ ਸ਼ਰਮਾ, ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਮਾਨ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਮੁਲਜ਼ਮ ਹਨ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮਾਂ ਵਿਚ ਸ਼ਾਮਲ ਹਨ।
ਜਿਵੇਂ ਹੀ ਸੁਣਵਾਈ ਸ਼ੁਰੂ ਹੋਈ, ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਪ੍ਰੌਸੀਕਿਊਸ਼ਨ ਨੂੰ ਇਨ੍ਹਾਂ ਕੇਸਾਂ ਦੀ ਬਕਾਇਆ ਜਾਂਚ ਬਾਰੇ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਲੈ ਕੇ ਕਾਫ਼ੀ ਉਲਝਣ ਬਣੀ ਹੋਈ ਹੈ।
ਅਦਾਲਤ ਨੇ ਵੀ ਪ੍ਰੌਸੀਕਿਊਸ਼ਨ ਨੂੰ ਸੁਣਵਾਈ ਦੀ ਅਗਲੀ ਤਰੀਕ ਤੱਕ ਸਾਰੇ ਮਾਮਲਿਆਂ ਦੀ ਬਕਾਇਆ ਜਾਂਚ ਸਬੰਧੀ ਸਥਿਤੀ ਸਪੱਸ਼ਟ ਕਰਨ ਦੇ ਆਦੇਸ਼ ਦਿੱਤੇ ਹਨ।