#PUNJAB

ਕੋਟਕਪੂਰਾ ਗੋਲੀ ਕਾਂਡ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਦੋ ਕੇਸਾਂ ‘ਚ ਮਿਲੀ ਜ਼ਮਾਨਤ

ਫ਼ਰੀਦਕੋਟ, 3 ਅਪ੍ਰੈਲ (ਪੰਜਾਬ ਮੇਲ)-  ਕੋਟਕਪੂਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਤਹਿਤ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਸ ਲਈ ਉਨ੍ਹਾਂ ਪੰਜ ਲੱਖ ਰੁਪਏ ਦਾ ਮੁਚੱਲਕਾ ਭਰ ਦਿੱਤਾ ਹੈ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦੀ ਨਕਲ ਵੀ ਸੌਂਪ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਮੇਧ ਸੈਣੀ ‘ਤੇ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੇ ਦੋਸ਼ ਹਨ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀ.ਜੀ.ਪੀ. ਨੂੰ ਆਦੇਸ਼ ਦਿੱਤੇ ਸਨ ਕਿ ਉਹ 15 ਦਿਨਾਂ ਅੰਦਰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋਣ। ਇਸ ਦੇ ਨਾਲ ਹੀ ਸੁਮੇਧ ਸੈਣੀ ਸਿੱਖ ਸੰਗਤ ਨੂੰ ਝੂਠੇ ਕੇਸ ਵਿਚ ਫਸਾਉਣ ਦੇ ਦੋਸ਼ਾਂ ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਲਈ ਵੀ ਪੇਸ਼ ਹੋਏ। ਇਸ ਕੇਸ ਤਹਿਤ ਉਨ੍ਹਾਂ 5 ਲੱਖ ਰੁਪਏ ਦੀ ਕੀਮਤ ਦਾ ਜ਼ਮਾਨਤਨਾਮਾ ਭਰਿਆ। ਇਸੇ ਮਾਮਲੇ ਵਿਚ ਹੁਣ ਤੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਆਈ.ਜੀ. ਪਰਮਰਾਜ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਅਤੇ ਫ਼ਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ. ਸੁਖਵਿੰਦਰ ਸਿੰਘ ਮਾਨ ਪੇਸ਼ ਹੋ ਚੁੱਕੇ ਹਨ। ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਸਾਰੇ ਮੁਲਜ਼ਮਾਂ ਦੀ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ ਕਰਦਿਆਂ ਸਾਰੇ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦਰਮਿਆਨ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਡੀ.ਆਈ.ਜੀ. ਅਮਰ ਸਿੰਘ ਚਾਹਲ ਦੀ ਕੋਟਕਪੂਰਾ ਗੋਲੀ ਕਾਂਡ ਵਿਚ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਮਰ ਸਿੰਘ ਚਾਹਲ ਸਿੰਘ ਨੂੰ ਵੀ ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

Leave a comment