#PUNJAB

ਕੋਟਕਪੂਰਾ ਗੋਲੀ ਕਾਂਡ: ਸੈਣੀ, ਬਾਦਲ ਤੇ ਉਮਰਾਨੰਗਲ ਅਦਾਲਤ ‘ਚ ਪੇਸ਼ ਨਾ ਹੋਏ

* ਸੁਖਬੀਰ ਬਾਦਲ ਨੇ ਪੇਸ਼ੀ ਭੁਗਤੀ
ਫ਼ਰੀਦਕੋਟ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਅਤੇ ਸੁਖਮਿੰਦਰ ਸਿੰਘ ਮਾਨ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਅਦਾਲਤ ਵਿਚ ਪੇਸ਼ ਨਹੀਂ ਹੋਏ। ਉਮਰਾਨੰਗਲ ਨੇ ਹਾਜ਼ਰੀ ਮੁਆਫ਼ੀ ਲਈ ਅਦਾਲਤ ਵਿਚ ਅਰਜ਼ੀ ਦੇ ਕੇ ਕਿਹਾ ਕਿ ਖਾਲਿਸਤਾਨੀ ਕਾਰਕੁਨਾਂ ਤੋਂ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਉਹ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵਿਚ ਪੇਸ਼ ਨਹੀਂ ਹੋ ਸਕਦਾ। ਇਸੇ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੇ ਵੀ ਆਪਣੀ ਸਿਹਤ ਦਾ ਹਵਾਲਾ ਦੇ ਕੇ ਪੇਸ਼ੀ ਤੋਂ ਛੋਟ ਮੰਗੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਅਦਾਲਤ ਨੇ ਅਗਲੀ ਪੇਸ਼ੀ ‘ਤੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਦੌਰਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਥੇ ਅਦਾਲਤ ਵਿਚ ਨਿੱਜੀ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਦੀ ਪੇਸ਼ੀ ਮੌਕੇ ਇਸ ਵਾਰ ਵਰਕਰਾਂ ਤੇ ਆਗੂਆਂ ਦਾ ਇਕੱਠ ਨਹੀਂ ਹੋਇਆ। ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 25 ਅਪ੍ਰੈਲ ਨੂੰ ਕੀਤੀ ਜਾਵੇਗੀ। ਇਸ ਕੇਸ ਵਿਚ ਸਾਰੇ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ ਅਤੇ ਅਦਾਲਤ ਵਿਚ ਜ਼ਮਾਨਤਨਾਮੇ ਵੀ ਭਰੇ ਜਾ ਚੁੱਕੇ ਹਨ। ਡੀ.ਆਈ.ਜੀ. ਅਮਰ ਸਿੰਘ ਚਾਹਲ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਵੀ ਇਥੇ ਅਦਾਲਤ ਵਿਚ ਪੇਸ਼ ਨਹੀਂ ਹੋਏ। ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਦੁਬਾਰਾ ਸੰਮਨ ਜਾਰੀ ਕੀਤੇ ਹਨ।

Leave a comment