ਕੋਟਕਪੂਰਾ ਗੋਲ਼ੀਕਾਂਡ: ਹਾਈ ਕੋਰਟ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਪੜਤਾਲ ਰਿਪੋਰਟ ਰੱਦ

98
Share

ਫ਼ਰੀਦਕੋਟ, 10 ਅਪ੍ਰੈਲ (ਪੰਜਾਬ ਮੇਲ)-ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ  ਅਤੇ ਇਸ ਵੱਲੋਂ ਕੋਟਕਪੂਰਾ ਗੋਲੀਕਾਂਡ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਵੱਡਾ ਝਟਕਾ ਦਿੱਤਾ ਹੈ। ਥਾਣਾ ਸਿਟੀ ਕੋਟਕਪੂਰਾ ਦੇ ਐਸਐਚਓ ਗੁਰਦੀਪ ਪੰਧੇਰ ਵੱਲੋਂ ਦਾਇਰ ਕੀਤੀ ਰਿੱਟ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਜੱਜ ਰਾਜਵੀਰ ਸ਼ਰਾਵਤ ਨੇ ਕਿਹਾ ਕਿ ਜਾਂਚ ਟੀਮ ਦੇ ਮੁੱਖ ਮੈਂਬਰ ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਪੜਤਾਲ ਪੱਖਪਾਤੀ ਜਾਪਦੀ ਹੈ। ਜਾਂਚ ਟੀਮ ਦੀ ਪੜਤਾਲ ਰਿਪੋਰਟ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੋਟਕਪੂਰਾ ਗੋਲ਼ੀਕਾਂਡ ਲਈ ਇਕ ਹੋਰ ਜਾਂਚ ਟੀਮ ਬਣਾਈ ਜਾਵੇ ਅਤੇ ਨਵੀਂ ਬਣੀ ਜਾਂਚ ਟੀਮ ਵਿੱਚ ਕੰਵਰ ਵਿਜੈ ਪ੍ਰਤਾਪ ਸਿੰਘ ਸ਼ਾਮਲ ਨਹੀਂ ਹੋਣਗੇ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਜਿਹੀ ਕਮੇਟੀ ਨਹੀਂ ਬਣਦੀ ਤਾਂ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਹਰਿਆਣਾ ਸਰਕਾਰ ਨੂੰ ਸੌਂਪੀ ਜਾ ਸਕਦੀ ਹੈ ਜਾਂ ਫਿਰ ਇਹ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਜਾਵੇਗੀ। ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਇਕ ਹੋਰ ਪੁਲੀਸ ਅਧਿਕਾਰੀ ਰਛਪਾਲ ਸਿੰਘ ਨੇ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਜਾਂਚ ਟੀਮ ਨੇ ਪੜਤਾਲ ਦੌਰਾਨ ਪੱਖਪਾਤੀ ਰਵੱਈਆ ਅਪਣਾਇਆ ਹੈ। ਕੋਟਕਪੂਰਾ ’ਚ ਹੋਈ ਘਟਨਾ ਵਿੱਚ ਜ਼ਖ਼ਮੀ ਹੋਏ ਕਰੀਬ ਦੋ ਦਰਜਨ ਪੁਲੀਸ ਅਧਿਕਾਰੀਆਂ ਦੀ ਸ਼ਿਕਾਇਤ ਉੱਪਰ ਜਾਂਚ ਟੀਮ ਨੇ ਕੋਈ ਕਾਰਵਾਈ ਨਹੀਂ ਕੀਤੀ।


Share