ਕੋਰੋਨਾ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੀਤੀ ਗਈ ਮੁਲਤਵੀ

785

ਸ਼ਰਧਾਲੂ ਅਜੇ ਨਹੀਂ ਕਰ ਸਕਣਗੇ ਯਾਤਰਾ

ਅੰਮ੍ਰਿਤਸਰ, 26 ਮਈ (ਪੰਜਾਬ ਮੇਲ)-ਸਾਰੀ ਦੁਨੀਆ ਵਿੱਚ ਤੇਜ਼ੀ ਨਾਲ ਫ਼ੈਲ ਰਹੇ ਕੋਰੋਨਾ ਵਾਇਰਸ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਦੇ ਚੱਲਦਿਆਂ ਪੈਦਾ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਟਰੱਸਟ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 1 ਜੂਨ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਫ਼ਿਲਹਾਲ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਜਾਵੇ ਕਿਉਂਕਿ ਇਸ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਜੇਕਰ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ ਗਏ ਤਾਂ ਕੋਰੋਨਾ ਵਾਇਰਸ ਫ਼ੈਲਣ ਦਾ ਡਰ ਬਣਿਆ ਰਹੇਗਾ ਇਸ ਲਈ ਇਸ ਵਾਰ ਯਾਤਰਾ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਵੀ ਯਾਤਰਾ ਸਬੰਧੀ ਕੋਈ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਤੋਂ ਬਿਨਾਂ ਯਾਤਰਾ ਸੰਭਵ ਨਹੀਂ ਹੈ। ਇਸ ਸਬੰਧੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਗਏ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੀ ਬਜਾਏ ਐਤਕੀਂ ਰਿਕਾਰਡ ਤੋੜ ਬਰਫ਼ਬਾਰੀ ਹੋਣ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੇ ਆਸ-ਪਾਸ (ਅਟਲਾਕੋਟੀ) ਵਿਖੇ ਲਗਭਗ 300 ਫੁੱਟ ਲੰਬਾਈ ਅਤੇ 25 ਫੁੱਟ ਮੋਟਾਈ ਦਾ ਗਲੇਸ਼ੀਅਰ ਬਣਿਆ ਹੋਇਆ ਹੈ, ਜਦਕਿ ਗੁਰਦੁਆਰਾ ਸਾਹਿਬ ਦੀ ਇਮਾਰਤ, ਸਰੋਵਰ ਅਤੇ ਰਸਤਿਆਂ ‘ਤੇ ਲਗਭਗ 12-15 ਫੁੱਟ ਬਰਫ਼ ਦੀ ਮੋਟੀ ਚਾਦਰ ਵਿਛੀ ਹੋਈ ਹੈ ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹਰ ਸਾਲ ਲਗਭਗ 1 ਜੂਨ ਤੋਂ ਸ਼ੁਰੂ ਹੁੰਦੀ ਹੈ, ਪਰ ਇਸ ਵਾਰ ਫਿਲਹਾਲ ਇਹ ਯਾਤਰਾ ਟਾਲ ਦਿੱਤੀ ਗਈ ਹੈ।