ਕੋਵਿਡ-19 ਕੇਸਾਂ ਦੀ ਤੇਜ਼ੀ ਨਾਲ ਵਧਦੀ ਗਿਣਤੀ ਦੇ ਮੱਦੇਨਜ਼ਰ ਸੀਬੀਐੱਸਈ ਵੱਲੋਂ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ, ਬਾਰ੍ਹਵੀਂ ਦੀਆਂ ਮੁਲਤਵੀ

226
Share

ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਕੋਵਿਡ-19 ਕੇਸਾਂ ਦੀ ਤੇਜ਼ੀ ਨਾਲ ਵਧਦੀ ਗਿਣਤੀ ਦੇ ਮੱਦੇਨਜ਼ਰ ਸੈਕੰਡਰੀ ਸਿੱਖਿਆ ਬਾਰੇ ਕੇਂਦਰੀ ਬੋਰਡ (ਸੀਬੀਐੱਸਈ) ਨੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬੋਰਡ ਪ੍ਰੀਖਿਆਵਾਂ ਬਾਰੇ ਇਹ ਅਹਿਮ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ’ਚ ਲਿਆ ਗਿਆ ਹੈ। ਸੀਬੀਐੱਸਈ ਦੇ ਇਸ ਫੈਸਲੇ ਨਾਲ ਦੇਸ਼ ਭਰ ’ਚ 21 ਲੱਖ ਤੋਂ ਵੱਧ ਵਿਦਿਆਰਥੀ ਅਸਰਅੰਦਾਜ਼ ਹੋਣਗੇ। ਉਂਜ ਇਹ ਪਹਿਲੀ ਵਾਰ ਹੈ ਜਦੋਂ ਸੀਬੀਐੱਸਈ ਨੇ ਆਪਣੇ ਵੱਲੋਂ ਲਈਆਂ ਜਾਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਹੈ। ਪਿਛਲੇ ਸਾਲ ਉੱਤਰ-ਪੂਰਬੀ ਦਿੱਲੀ ਵਿੱਚ ਭੜਕੇ ਦੰਗਿਆਂ ਤੇ ਕੋਵਿਡ-19 ਕੇਸਾਂ ਕਰ ਕੇ ਬੋਰਡ ਪ੍ਰੀਖਿਆਵਾਂ ਨੂੰ ਅੰਸ਼ਕ ਤੌਰ ’ਤੇ ਰੱਦ ਕੀਤਾ ਸੀ। ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਲਈ ਕੁੱਲ 21.5 ਲੱਖ ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ। ਉਧਰ ਸਕੂਲ ਪ੍ਰੀਖਿਆਵਾਂ ਲਈ ਇਕ ੋਰ ਉੱਘੇ ਕੌਮੀ ਬੋਰਡ ਸੀਆਈਸੀਐੱਸਈ ਨੇ ਕਿਹਾ ਕਿ ਉਸ ਵੱਲੋਂ ਹਾਲਾਤ ’ਤੇ ਨਜ਼ਰਸਾਨੀ ਜਾਰੀ ਹੈ ਤੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ। ਸਿੱਖਿਆ ਮੰਤਰਾਲੇ ਨੇ ਅਧਿਕਾਰੀ ਨੇ ਕਿਹਾ, ‘12ਵੀਂ ਜਮਾਤ ਲਈ 4 ਮਈ ਤੋਂ 14 ਜੂਨ ਤੱਕ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਜਾਂਦਾ ਹੈ। ਇਹ ਪ੍ਰੀਖਿਆਵਾਂ ਹੁਣ ਬਾਅਦ ਵਿੱਚ ਹੋਣਗੀਆਂ। ਬੋਰਡ ਵੱਲੋਂ ਪਹਿਲੀ ਜੂਨ ਨੂੰ ਹਾਲਾਤ ’ਤੇ ਨਜ਼ਰਸਾਨੀ ਮਗਰੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਦੀ ਤਫ਼ਸੀਲ ਸਾਰਿਆਂ ਨਾਲ ਸਾਂਝੀ ਕੀਤੀ ਜਾਵੇਗੀ। ਪ੍ਰੀਖਿਆਵਾਂ ਦੀ ਸ਼ੁਰੂਆਤ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਇਸ ਬਾਰੇ ਸੂਚਿਤ ਕੀਤਾ ਜਾਵੇਗਾ।’ ਅਧਿਕਾਰੀ ਨੇ ਕਿਹਾ, ‘ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕੀਤਾ ਜਾਂਦਾ ਹੈ। 10ਵੀਂ ਦਾ ਨਤੀਜਾ ਬੋਰਡ ਵੱਲੋਂ ਤਿਆਰ ਮਾਪਦੰਡਾਂ ਦੇ ਅਧਾਰ ’ਤੇ ਤਿਆਰ ਕੀਤਾ ਜਾਵੇਗਾ। ਜੇਕਰ ਕੋਈ ਵਿਦਿਆਰਥੀ ਉਸ ਨੂੰ ਦਿੱਤੇ ਅੰਕਾਂ ਤੋਂ ਸੰਤੁਸ਼ਟ ਨਹੀਂ ਤਾਂ ਉਸ ਨੂੰ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿੱਤਾ ਜਾਵੇਗਾ, ਪਰ ਇਹ ਉਦੋਂ ਹੀ ਸੰਭਵ ਹੋਵੇਗਾ ਜਦੋਂ ਹਾਲਾਤ ਪ੍ਰੀਖਿਆ ਲੈਣ ਲਈ ਸਾਜ਼ਗਾਰ ਹੋਣਗੇ।’ ਪ੍ਰਧਾਨ ਮੰਤਰੀ ਦੀ ਅਗਵਾਈ ’ਚ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਕੈਬਨਿਟ ਸਕੱਤਰ, ਸਕੂਲ ਤੇ ਉੱਚ ਸਿੱਖਿਆ ਸਕੱਤਰਾਂ ਤੋਂ ਇਲਾਵਾ ਹੋਰ ਸਿਖਰਲੇ ਅਧਿਕਾਰੀ ਮੌਜੂਦ ਸਨ।

ਸਿੱਖਿਆ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ, ‘ਪਿਛਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਕੋਵਿਡ-19 ਪਾਜ਼ੇਟਿਵ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਇਨ੍ਹਾਂ ਹਾਲਾਤ ਵਿੱਚ 11 ਰਾਜਾਂ ਵਿੱਚ ਸਕੂਲ ਬੰਦ ਕੀਤੇ ਜਾ ਚੁੱਕੇ ਹਨ। ਹੋਰਨਾਂ ਸੂਬਾਈ ਬੋਰਡਾਂ ਤੋਂ ਉਲਟ ਸੀਬੀਐੱਸਈ ਦਾ ਪੂਰੇ ਦੇਸ਼ ਵਿੱਚ ਆਧਾਰ ਹੈ, ਲਿਹਾਜ਼ਾ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਪੂਰੇ ਦੇਸ਼ ਵਿੱਚ ਇਕੋ ਵੇਲੇ ਪ੍ਰੀਖਿਆਵਾਂ ਲਈਆਂ ਜਾਣ। ਮਹਾਮਾਰੀ ਦੇ ਮੌਜੂਦਾ ਹਾਲਾਤ ਤੇ ਬੰਦ ਪਏ ਸਕੂਲਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਪਰੋਕਤ ਫੈਸਲੇ ਲਏ ਗਏ ਹਨ।’ ਕਾਬਿਲੇਗੌਰ ਹੈ ਕਿ ਵੱਖ ਵੱਖ ਸਿਆਸੀ ਪਾਰਟੀਆਂ ਸਮੇਤ ਹੋਰਨਾਂ ਸਫ਼ਾਂ ’ਚੋਂ ਕੋਵਿਡ-19 ਦੇ ਵਧਦੇ ਕੇਸਾਂ ਦੇ ਹਵਾਲੇ ਨਾਲ ਬੋਰਡ ਪ੍ਰੀਖਿਆਵਾਂ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਕਾਂਗਰਸੀ ਆਗੂ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਕਈ ਆਗੂਆਂ ਨੇ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਨੂੰ ਜ਼ੋਰ ਸ਼ੋਰ ਨਾਲ ਉਠਾਇਆ ਸੀ। ਸ਼ਿਵ ਸੈਨਾ ਨੇ ਵੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦੇਸ਼ ਪੱਧਰ ’ਤੇ ਸਹਿਮਤੀ ਬਣਾਉਣ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਇਕ ਆਨਲਾਈਨ ਪਟੀਸ਼ਨ ’ਤੇ ਸਹੀ ਪਾ ਕੇ ਬੋਰਡ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਵੱਖਰੇ ਤੌਰ ’ਤੇ ਮੰਗ ਕੀਤੀ ਸੀ। ਪਿਛਲੇ ਇਕ ਹਫ਼ਤੇ ਤੋਂ ਟਵਿੱਟਰ ’ਤੇ ਹੈਸ਼ਟੈਗ ‘ਕੈਂਸਲਬੋਰਡਐਗਜ਼ਾਮ’ ਟਰੈਂਡ ਕਰ ਰਿਹਾ ਸੀ। ਮਹਾਰਾਸ਼ਟਰ, ਯੂਪੀ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਪੰਜਾਬ ਪਹਿਲਾਂ ਹੀ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਫੇਰਬਦਲ ਦਾ ਐਲਾਨ ਕਰ ਚੁੱਕੇ ਹਨ।

ਇਸ ਦੌਰਾਨ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ’ਚ ਬੈਠਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੇ ਪ੍ਰੀਖਿਆ ਸ਼ਡਿਊਲ ਨੂੰ ਅੱਗੇ ਪਾਉਣ ’ਤੇ ਵੱਡੀ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਰੱਦ ਕੀਤੀਆਂ ਜਾਣ ਜਾਂ ਫਿਰ ਜਲਦੀ ਹੀ ਸ਼ਡਿਊਲ ਦਾ ਐਲਾਨ ਕੀਤਾ ਜਾਵੇ ਤਾਂ ਕਿ ਵਿਦਿਆਰਥੀਆਂ ਦੇ ਫ਼ਿਕਰਾਂ ਨੂੰ ਘਟਾਇਆ ਜਾ ਸਕੇ।


Share