ਕੋਵਿਡ-19: ਦਿੱਲੀ ਗੁਰਦੁਆਰਾ ਕਮੇਟੀ ਸਥਾਪਤ ਕਰੇਗੀ 850 ਬਿਸਤਰਿਆਂ ਵਾਲਾ ‘ਕੋਰੋਨਾ ਕੇਅਰ ਸੈਂਟਰ’

770
Share

ਨਵੀਂ ਦਿੱਲੀ, 18 ਜੂਨ (ਪੰਜਾਬ ਮੇਲ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਕੰਪਲੈਕਸ ਤੇ ਅਦਾਰਿਆਂ ‘ਚ 850 ਬਿਸਤਰਿਆਂ ਵਾਲਾ ‘ਕੋਰੋਨਾ ਕੇਅਰ ਸੈਂਟਰ’ ਸਥਾਪਤ ਕੀਤਾ ਜਾਵੇਗਾ, ਜਿਸ ‘ਚ ਘੱਟ ਬੁਖ਼ਾਰ, ਗਲਾ ਖ਼ਰਾਬ ਤੇ ਹੋਰ ਘੱਟ ਲੱਛਣਾਂ ਵਾਲੇ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇਗਾ। ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੌਮੀ ਰਾਜਧਾਨੀ ‘ਚ ਹਸਪਤਾਲਾਂ ਵਿਚ ਬਿਸਤਰਿਆਂ ਦੀ ਵੱਧ ਰਹੀ ਮੰਗ ਅਤੇ ਮਨੁੱਖਤਾ ਦੀ ਸੇਵਾ ਦੇ ਮੱਦੇਨਜ਼ਰ ਹੀ ਉਕਤ ਫ਼ੈਸਲਾ ਦਿੱਲੀ ਕਮੇਟੀ ਵੱਲੋਂ ਕੀਤਾ ਗਿਆ ਹੈ। ਇਸ ਦੇ ਲਈ ਬਕਾਇਦਾ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਇਕ ਚਿੱਠੀ ਦਿੱਲੀ ਦੇ ਮੁੱਖ ਮੰਤਰੀ ਕੋਲ ਭੇਜ ਕੇ ‘ਕੋਰੋਨਾ ਕੇਅਰ ਸੈਂਟਰ’ ਚਲਾਉਣ ਵਾਸਤੇ ਤੁਰੰਤ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ। ਸਿਰਸਾ ਨੇ ਦੱਸਿਆ ਕਿ ਇਹ ਸੈਂਟਰ ਕੋਰੋਨਾ ਮਰੀਜ਼ਾਂ ਨੂੰ ਸਰਬੋਤਮ ਮੈਡੀਕਲ ਸੰਭਾਲ, ਆਕਸੀਜਨ ਤੇ ਲੈਬਾਰਟਰੀ ਸੇਵਾਵਾਂ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਮਰੀਜ਼ਾਂ ਲਈ ਸਾਰੀ ਖ਼ੁਰਾਕ, ਪੀਣ ਵਾਲਾ ਪਾਣੀ, ਆਮ ਦਵਾਈਆਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ। ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਕੇਅਰ ਸੈਂਟਰ ਸਥਾਪਤ ਕਰਨ ਵਾਸਤੇ ਲੋੜੀਂਦੀ ਪ੍ਰਵਾਨਗੀ ਛੇਤੀ ਤੋਂ ਛੇਤੀ ਦੇਣ ਦੇ ਹੁਕਮ ਜਾਰੀ ਕਰਨ ਤੇ ਇਸ ਵਾਸਤੇ ਲੋੜੀਂਦੇ ਡਾਕਟਰਾਂ, ਨਰਸਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਤਾਇਨਾਤੀ ਵੀ ਕੀਤੀ ਜਾਵੇ।


Share