ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ’ਚ ਚਾਰ ਗ੍ਰਿਫ਼ਤਾਰ

319
Share

ਜਲੰਧਰ, 20 ਮਾਰਚ (ਪੰਜਾਬ ਮੇਲ)- ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿੱਚ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਕੁਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ (ਹਰਿਆਣਾ), ਅਮਿਤ ਡਾਗਰ ਵਾਸੀ ਮਹੇਸ਼ਪੁਰ ਪਲਵਾਮਾ (ਹਰਿਆਣਾ) ਤੇ ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਮਾਧੋਪੁਰ ਪੀਲੀਭੀਤ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲੀਸ ਅਨੁਸਾਰ ਇਹ ਚਾਰੇ ਮੁਲਜ਼ਮ 20 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਵਿੱਚ ਕਤਲ, ਇਰਾਦਾ ਕਤਲ ਤੇ ਹੋਰ ਕੇਸ ਦਰਜ ਹਨ। ਇਨ੍ਹਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਐੱਸਐੱਸਪੀ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਸਾਜ਼ਿਸ਼ ਵਿਦੇਸ਼ਾਂ ਵਿੱਚ ਰਚੀ ਗਈ ਸੀ ਤੇ ਇਸ ਮਾਮਲੇ ਵਿੱਚ ਵਿਦੇਸ਼ ਰਹਿਣ ਵਾਲੇ ਤਿੰਨ ਜਣਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਸੁਨਾਵਰ ਢਿੱਲੋਂ ਵਾਸੀ ਅੰਮ੍ਰਿਤਸਰ, ਜੋ ਕਿ ਬਰੈਂਪਟਨ (ਕੈਨੇਡਾ) ਵਿੱਚ ਰਹਿੰਦਾ ਹੈ ਤੇ ਉਹ ਕੈਨੇਡੀਅਨ ਸੱਥ ਟੀਵੀ ਤੇ ਰੇਡੀਓ ਸ਼ੋਅ ਦਾ ਪ੍ਰੋਡਿਊਸਰ ਡਾਇਰੈਕਟਰ ਹੈ। ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖਾ, ਜੋ ਕਿ ਮੂਲ ਰੂਪ ਵਿੱਚ ਜ਼ਿਲ੍ਹਾ ਮੋਗਾ ਦੇ ਪਿੰਡ ਦੁੱਨੇਕੇ ਦਾ ਰਹਿਣ ਵਾਲਾ ਹੈ ਤੇ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਤੀਜਾ ਸਾਜ਼ਿਸ਼ਘਾੜਾ ਲੁਧਿਆਣਾ ਜ਼ਿਲ੍ਹੇ ਦੇ ਡੇਹਲੋਂ ਦਾ ਦਲਜੀਤ ਸਿੰਘ ਉਰਫ ਗਾਂਧੀ ਹੈ, ਜੋ ਕਿ ਮਲੇਸ਼ੀਆ ਵਿੱਚ ਰਹਿ ਰਿਹਾ ਹੈ। ਐੱਸਐੱਸਪੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਨੇ ਹੀ ਵਿਦੇਸ਼ ਵਿੱਚ ਰਹਿੰਦਿਆਂ ਸੰਦੀਪ ਨੰਗਲ ਅੰਬੀਆਂ ਨੂੰ ਮਾਰਨ ਦੀ ਸਾਜ਼ਿਸ਼ ਘੜੀ ਸੀ।

ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਦਿਹਾਤੀ ਪੁਲੀਸ ਨੇ ਫਤਿਹ ਤੇ ਕੁਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਫਤਿਹ ਨੇ ਕਬੂਲ ਕੀਤਾ ਕਿ ਸੁਨਾਵਰ ਢਿੱਲੋਂ ਦੀਆਂ ਹਦਾਇਤਾਂ ’ਤੇ ਉਸ ਨੇ ਅਮਿਤ ਡਾਗਰ, ਕੁਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਰਲ ਕੇ ਸੰਦੀਪ ਦੇ ਕਤਲ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ। ਐੱਸਐੱਸਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਸੁੱਖਾ ਦੁੱਨੇਕੇ ਦੇ ਕਹਿਣ ’ਤੇ ਸਿਮਰਨਜੀਤ ਸਿੰਘ ਉਰਫ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਐਨਕਲੇਵ ’ਚ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਪਨਾਹ ਦਿੱਤੀ ਸੀ। ਪੁਲੀਸ ਨੇ ਸਵਰਨ ਸਿੰਘ ਦੇ ਘਰੋਂ 18 ਕਾਰਤੂਸ ਤੇ 12 ਬੋਰ ਦੀ ਰਾਈਫਲ ਵੀ ਬਰਾਮਦ ਕੀਤੀ ਹੈ। ਫਿਲਹਾਲ ਸਵਰਨ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਐੱਸਐੱਸਪੀ ਨੇ ਇਹ ਦਾਅਵਾ ਵੀ ਕੀਤਾ ਕਿ ਗੋਲੀ ਚਲਾਉਣ ਵਾਲੇ ਸ਼ੂਟਰਾਂ ਦੀ ਪਛਾਣ ਕਰ ਲਈ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Share