ਜਲੰਧਰ, 14 ਅਪ੍ਰੈਲ (ਪੰਜਾਬ ਮੇਲ)-ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਕੇ ਅਨੁਸੂਚਿਤ ਸਮਾਜ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆ ਜਲੰਧਰ ਪੁਲਿਸ ਕਮਿਸ਼ਨਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ 15 ਦਿਨਾਂ ਅੰਦਰ ਜਾਂਚ ਕਰਕੇ ਐੱਸ.ਸੀ.-ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਵਿਜੈ ਕੁਮਾਰ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਕਿਹਾ ਹੈ ਕਿ ਸੁਨੀਲ ਜਾਖੜ ਵੱਲੋਂ ਟੀ.ਵੀ. ਚੈਨਲ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪਸ਼ਬਦ ਬੋਲਣ ’ਤੇ ਉਸ ਦੀਆਂ ਜਾਤੀਗਤ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸੁਨੀਲ ਜਾਖੜ ਨੇ ਕਾਨੂੰਨੀ ਤੌਰ ’ਤੇ ਅਪਰਾਧ ਕੀਤਾ ਹੈ। ਅਨੁਸੂਚਿਤ ਜਾਤੀ ਕਮਿਸ਼ਨ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਸੁਨੀਲ ਜਾਖੜ ਖ਼ਿਲਾਫ਼ 15 ਦਿਨਾਂ ਅੰਦਰ ਜਾਂਚ ਕਰਕੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸੇ ਮਾਮਲੇ ’ਚ ਕਾਂਗਰਸ ਵੱਲੋਂ ਵੀ 3 ਦਿਨ ਪਹਿਲਾਂ ਅਨੁਸ਼ਾਸਨਹੀਣਤਾ ਨੂੰ ਲੈ ਕੇ ਸੁਨੀਲ ਜਾਖੜ ਖ਼ਿਲਾਫ਼ ਨੋਟਿਸ ਜਾਰੀ ਕੀਤਾ ਗਿਆ ਹੈ।