ਨੰਗਲ, 12 ਅਗਸਤ (ਪੰਜਾਬ ਮੇਲ)- ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਵੱਧ ਗਿਆ ਹੈ। ਇਸ ਵਾਰ ਇਹ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 11 ਫੁੱਟ ਹੇਠਾਂ ਰਹਿ ਗਿਆ ਹੈ। ਭਾਖੜਾ ਵਿਚ ਪਾਣੀ ਦਾ ਪੱਧਰ ਵਧਣ ਦੇ ਨਾਲ ਹੀ ਖਤਰੇ ਦੀ ਘੰਟੀ ਵੱਜਣੀ ਵੀ ਸ਼ੁਰੂ ਹੋ ਗਈ ਹੈ ਕਿਉਂਕਿ ਜਿਸ ਤਰ੍ਹਾਂ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਇਸ ਅਨੁਸਾਰ ਅਗਲੇ 24 ਘੰਟਿਆਂ ਬਾਅਦ ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 10 ਫੁੱਟ ਦੀ ਦੂਰੀ ’ਤੇ ਰਹੇਗਾ। ਮਿਲੀ ਜਾਣਕਾਰੀ ਮੁਤਾਬਕ ਭਾਖੜਾ ਵਿਚ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਸਰੋਤਾਂ ਤੋਂ 72387 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1669.49 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿਚ ਪਾਣੀ ਦੀ ਆਮਦ 72387 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41857 ਕਿਊਸਿਕ ਪਾਣੀ ਛੱਡਿਆ ਗਿਆ ਹੈ। ਭਾਖੜਾ ਡੈਮ ਵੱਧ ਤੋਂ ਵੱਧ 1680 ਫੁੱਟ ਪਾਣੀ ਸਟੋਰ ਕਰ ਸਕਦਾ ਹੈ।