#AMERICA

ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਕੈਲੀਫੋਰਨੀਆ ਦੌਰੇ ‘ਤੇ

ਸੈਕਰਾਮੈਂਟੋ, 5 ਅਗਸਤ (ਪੰਜਾਬ ਮੇਲ)- ਪੰਜਾਬ ਦੀਆਂ ਰਵਾਇਤੀ ਖੇਡਾਂ ਅਤੇ ਸੱਭਿਆਚਾਰ ਨੂੰ ਦੇਸ਼-ਵਿਦੇਸ਼ ਤੱਕ ਪਹੁੰਚਾਉਣ ਲਈ ਜਾਣੇ ਜਾਂਦੇ ਪ੍ਰਸਿੱਧ ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਹ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਦੇ ਦਫ਼ਤਰ ਦਾ ਦੌਰਾ ਕੀਤਾ।
ਇਸ ਮੌਕੇ ਪੰਜਾਬ ਮੇਲ ਯੂ.ਐੱਸ.ਏ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਜਗਰੂਪ ਸਿੰਘ ਜਰਖੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਦੀਆਂ ਖੇਡਾਂ ਦੀ ਮੌਜੂਦਾ ਸਥਿਤੀ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ, ਪੰਜਾਬ ਦੇ ਸਮਾਜਿਕ ਅਤੇ ਸੱਭਿਆਚਾਰਕ ਮਾਹੌਲ ਸਮੇਤ ਕਈ ਅਹਿਮ ਵਿਸ਼ਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਨੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਹੋਰ ਉਪਰਾਲਿਆਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਸਿਆਟਲ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਮਨਮੋਹਣ ਗਰੇਵਾਲ (ਮੋਹਣਾ ਜੋਧਾਂ) ਵੀ ਇਸ ਵਿਚਾਰ-ਚਰਚਾ ਦਾ ਹਿੱਸਾ ਬਣੇ। ਉਨ੍ਹਾਂ ਨੇ ਵੀ ਪੰਜਾਬ ਦੀਆਂ ਖੇਡਾਂ, ਸਮਾਜਿਕ ਸਰੋਕਾਰਾਂ ਅਤੇ ਪ੍ਰਵਾਸੀ ਪੰਜਾਬੀਆਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਨਾਲ ਇਹ ਮੁਲਾਕਾਤ ਹੋਰ ਵੀ ਸਾਰਥਕ ਬਣ ਗਈ।
ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਜਰਖੜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਰਖੜ ਨਾਲ ਸੰਬੰਧ ਰੱਖਦੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉੱਥੇ ਵੱਡੇ ਪੱਧਰ ‘ਤੇ ਪੇਂਡੂ ਅਤੇ ਰਵਾਇਤੀ ਖੇਡਾਂ ਦੇ ਆਯੋਜਨ ਲਈ ਨਿਰੰਤਰ ਕੰਮ ਕਰ ਰਹੇ ਹਨ। ਉਨ੍ਹਾਂ ਦੇ ਉਪਰਾਲਿਆਂ ਨੇ ਨਾ ਸਿਰਫ਼ ਪੰਜਾਬ ਦੀਆਂ ਖੇਡਾਂ ਨੂੰ ਨਵੀਂ ਪਛਾਣ ਦਿੱਤੀ ਹੈ, ਸਗੋਂ ਹਜ਼ਾਰਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਖੇਡਾਂ ਦੇ ਨਾਲ-ਨਾਲ ਜਗਰੂਪ ਸਿੰਘ ਜਰਖੜ ਨੇ ਜਰਖੜ ਵਿਖੇ ਇੱਕ ਵਿਲੱਖਣ ਮਿਊਜ਼ੀਅਮ ਵੀ ਸਥਾਪਤ ਕੀਤਾ ਹੈ, ਜਿਸ ਵਿਚ ਪੰਜਾਬੀ ਸੱਭਿਆਚਾਰ, ਪੇਂਡੂ ਜੀਵਨ ਅਤੇ ਇਤਿਹਾਸ ਨਾਲ ਜੁੜੀਆਂ ਅਨੇਕਾਂ ਦੁਰਲੱਭ ਅਤੇ ਇਤਿਹਾਸਕ ਵਸਤਾਂ ਨੂੰ ਸੰਭਾਲ ਕੇ ਰੱਖਿਆ ਗਿਆ ਹੈ। ਇਹ ਮਿਊਜ਼ੀਅਮ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ, ਖੋਜਕਰਤਾਵਾਂ ਅਤੇ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣ ਚੁੱਕਾ ਹੈ, ਜਿੱਥੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਹੁੰਦੀ ਹੈ।
ਸੈਕਰਾਮੈਂਟੋ ਵਿਖੇ ਹੋਈ ਇਹ ਮੁਲਾਕਾਤ ਪੰਜਾਬੀ ਖੇਡਾਂ, ਸੱਭਿਆਚਾਰ ਅਤੇ ਵਿਰਸੇ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤੀ ਨਾਲ ਪ੍ਰਮੋਟ ਕਰਨ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।