#INDIA

ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ‘ਤੇ ਰੋਕ

-ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿਚ ਸੁਪਰੀਮ ਕੋਰਟ ਜਾਣ ਦੀ ਚਿਤਾਵਨੀ
– ਇਸ ਲੜਾਈ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਸਵਾਗਤ: ਬਜਰੰਗ ਪੂਨੀਆ
ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਖੇਡ ਮੰਤਰਾਲੇ ਨੇ 7 ਮਈ ਨੂੰ ਹੋਣ ਵਾਲੀਆਂ ਭਾਰਤੀ ਕੁਸ਼ਤੀ ਸੰਘ (ਡਬਲਯੂ.ਐੱਫ.ਆਈ.) ਦੀਆਂ ਚੋਣਾਂ ‘ਤੇ ਅੱਜ ਰੋਕ ਲਗਾ ਦਿੱਤੀ ਹੈ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈ.ਓ.ਏ.) ਨੂੰ ਐਡਹਾਕ ਕਮੇਟੀ ਬਣਾਉਣ ਲਈ ਕਿਹਾ ਹੈ, ਜੋ ਗਠਿਤ ਹੋਣ ਦੇ 45 ਦਿਨਾਂ ਦੇ ਅੰਦਰ ਚੋਣਾਂ ਕਰਵਾਏਗੀ ਅਤੇ ਖੇਡ ਸੰਸਥਾ ਦਾ ਕੰਮ-ਕਾਜ ਵੀ ਦੇਖੇਗੀ। ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਸਣੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਵੱਲੋਂ ਐਤਵਾਰ ਨੂੰ ਜੰਤਰ-ਮੰਤਰ ‘ਤੇ ਧਰਨਾ ਸ਼ੁਰੂ ਕੀਤਾ ਹੋਇਆ ਹੈ। ਉਹ ਡਬਲਯੂ.ਐੱਫ.ਆਈ. ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰਨ ਵਾਲੇ ਨਿਗਰਾਨੀ ਪੈਨਲ ਦੇ ਨਤੀਜਿਆਂ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ। ਉਧਰ, ਭਾਰਤੀ ਕੁਸ਼ਤੀ ਸੰਘ (ਡਬਲਯੂ.ਐੱਫ.ਆਈ.) ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨੇ ਕਿਹਾ ਕਿ ਉਹ ਭਾਜਪਾ ਦੇ ਇਸ ਸੰਸਦ ਮੈਂਬਰ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਉਨ੍ਹਾਂ ਦਾ ਸਾਥ ਦੇਣ ਵਾਲੀਆਂ ਸਾਰੀਆਂ ਪਾਰਟੀਆਂ ਦਾ ‘ਸਵਾਗਤ’ ਕਰਦੇ ਹਨ। ਓਲੰਪਿਕ ਤਗ਼ਮਾ ਜੇਤੂ ਬਜਰੰਗ ਪੂਨੀਆ ਨੇ ਕਿਹਾ ਕਿ ਉਹ ਇਸ ਸਮੇਂ ਉਨ੍ਹਾਂ ਦਾ ਸਾਥ ਦੇਣ ਲਈ ਸਾਰੀਆਂ ਪਾਰਟੀਆਂ ਦਾ ਸਵਾਗਤ ਕਰਦੇ ਹਨ ਅਤੇ ਬ੍ਰਿਜ ਭੂਸ਼ਣ ਖ਼ਿਲਾਫ਼ ਕਾਰਵਾਈ ਹੋਣ ਤੱਕ ਪਿੱਛੇ ਨਹੀਂ ਹਟਣਗੇ। ਇਸ ਦੌਰਾਨ ਪਹਿਲਵਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬ੍ਰਿਜ ਭੂਸ਼ਨ ਖ਼ਿਲਾਫ਼ ਕੇਸ ਦਰਜ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਰਥਨ ਲਈ ਉਹ ਖਾਪ ਪੰਚਾਇਤਾਂ ਕੋਲ ਵੀ ਪਹੁੰਚ ਕਰਨਗੇ।

Leave a comment