ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ‘ਧਰਮ ਯੁੱਧ’ ਕਰਾਰ

426
Share

ਚੰਡੀਗੜ੍ਹ, 20 ਫਰਵਰੀ (ਪੰਜਾਬ ਮੇਲ)-  ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਮੁਖੀ ਗੁਰਨਾਮ ਚੜੂਨੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇਸ਼ ’ਚ ਨਵੇਂ ਖੇਤੀ ਲਾਗੂ ਕਰਦੀ ਹੈ ਤਾਂ ਤੇਲ ਕੀਮਤਾਂ ਵਾਂਗ ਖਾਧ ਪਦਾਰਥਾਂ ਦੇ ਭਾਅ ਵੀ ਵਧ ਜਾਣਗੇ। ਉਹ ਇੱਥੇ  ਸੈਕਟਰ-25 ਵਿੱਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਮਹਾਪੰਚਾਇਤ ਦੌਰਾਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਨੂੰ ‘ਧਰਮ ਯੁੱਧ’ ਕਰਾਰ ਦਿੰਦਿਆਂ ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਲਹਿਰ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸ੍ਰੀ ਚੜੂਨੀ ਨੇ ਖੇਤੀ ਕਾਨੂੰਨਾਂ ਦੇ ਕਥਿਤ ਬੁਰੇ ਪ੍ਰਭਾਵਾਂ ਦੇ ਜ਼ਿਕਰ ਕਰਦਿਆਂ ਕਿਹਾ, ‘ਜੇਕਰ ਐਗਰੀ-ਬਿਜਨੈੱਸ ਕਾਨੂੰਨ ਦੇਸ਼ ਵਿੱਚ ਲਾਗੂ ਹੁੰਦੇ ਤਾਂ ਅਨਾਜ ਸਿਰਫ ਕੁਝ ਕੁ ਲੋਕਾਂ ਦੇ ਗੋਦਾਮਾਂ ’ਚ ਜਮ੍ਹਾਂ ਹੋ ਜਾਵੇਗਾ। ਇਸ ਨਾਲ ਖਾਧ ਪਦਾਰਥ ਵੀ ਉਸੇ ਤਰ੍ਹਾਂ ਮਹਿੰਗੇ ਹੋ ਜਾਣਗੇ ਜਿਵੇਂ ਹੁਣ ਪੈਟਰੋਲ ਤੇ ਡੀਜ਼ਲ ਦਿਨੋਂ-ਦਿਨ ਮਹਿੰਗੇ ਹੋ ਰਹੇ ਹਨ।’ ਉਨ੍ਹਾਂ ਕਿਹਾ, ‘ਇਸ ਲਈ ਇਹ ਸਿਰਫ ਕਿਸਾਨਾਂ ਦੀ ਲੜਾਈ ਨਹੀਂ ਹੈ ਅਤੇ ਅਸੀਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਨ੍ਹਾਂ ਨੂੰ ਇਸ ਲਹਿਰ ’ਚ ਸ਼ਾਮਲ ਹੋਣਾ ਚਾਹੀਦਾ ਹੈ। ਇਹ ਦੇਸ਼ ਨੂੰ ਬਚਾਉਣ ਦੀ ਲਹਿਰ ਹੈ। ਇਹ ਇੱਕ ‘ਧਰਮ ਯੁੱਧ’ ਹੈ।’ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਰੱਦ ਕਰਨ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਅਪੀਲ ਵੀ ਕੀਤੀ।


Share