ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੋਮਵਾਰ ਤੋਂ ਸ਼ੁਰੂ ਕਰਨਗੇ ਲੜੀਵਾਰ ਭੁੱਖ ਹੜਤਾਲ

546
Share

-25 ਤੋਂ 27 ਦਸੰਬਰ ਤੱਕ ਕਿਸਾਨ ਹਰਿਆਣਾ ਦੇ ਟੌਲ ਪਲਾਜ਼ਿਆਂ ’ਤੇ ਟੌਲ ਵਸੂਲੀ ਕਰਨਗੇ ਬੰਦ,
ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)- ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਸੋਮਵਾਰ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਨਗੇ। ਇਹ ਹੜਤਾਲ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਰੋਸ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ 25 ਦਸੰਬਰ ਤੋਂ 27 ਦਸੰਬਰ ਤੱਕ ਹਰਿਆਣਾ ਦੇ ਰਾਜਮਾਰਗਾਂ ’ਤੇ ਸਥਿਤ ਟੌਲ ਪਲਾਜ਼ਿਆਂ ’ਤੇ ਟੌਲ ਵਸੂਲੀ ਦੀ ਕਾਰਵਾਈ ਵੀ ਰੋਕਣਗੇ। ਇਹ ਪ੍ਰਗਟਾਵਾ ਸਵਰਾਜ ਇੰਡੀਆ ਦੇ ਪ੍ਰਮੁੱਖ ਯੋਗਿੰਦਰ ਯਾਦਵ ਨੇ ਸਿੰਘੂ ਸਰਹੱਦ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪ੍ਰਦਰਸ਼ਨ ਵਾਲੀ ਥਾਂ ਤੋਂ 11 ਮੈਂਬਰਾਂ ਦੀ ਟੀਮ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਮੁਲਕ ਭਰ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਉਹ ਜਿਥੇ ਵੀ ਹਨ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਇਕ ਦਿਨ ਦੀ ਹੜਤਾਲ ਰੱਖਣ।
ਕਾਬਿਲੇਗੌਰ ਹੈ ਕਿ ਹਜ਼ਾਰਾਂ ਕਿਸਾਨ ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਤੋਂ ਹਨ, ਬੀਤੇ ਚਾਰ ਹਫ਼ਤਿਆਂ ਤੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਦਿੱਲੀ ਦੇ ਮੁੱਖ ਮਾਰਗਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਕਿਸਾਨ 25 ਦਸੰਬਰ ਤੋਂ 27 ਦਸੰਬਰ ਤੱਕ ਹਰਿਆਣਾ ਵਿਚ ਟੌਲ ਪਲਾਜ਼ਿਆਂ ’ਤੇ ਧਰਨਾ ਦੇਣਗੇ ਤੇ ਟੌਲ ਵਸੂਲੀ ਦੀ ਕਾਰਵਾਈ ਰੋਕਣਗੇ। ਕਿਸਾਨ ਆਗੂ ਰਾਕੇਸ ਟਿਕੈਤ ਨੇ ਕਿਹਾ ਕਿ ਕਿਸਾਨ 23 ਦਸੰਬਰ ਨੂੰ ਕਿਸਾਨ ਦਿਵਸ ਮਨਾਉਣਗੇ। ਉਨ੍ਹਾਂ ਕਿਹਾ, ‘ਅਸੀਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕ ਦਿਨ ਦੁਪਹਿਰ ਦਾ ਖਾਣਾ ਨਾ ਪਕਾਉਣ।’

Share