ਖੇਤੀ ਕਾਨੂੰਨਾਂ ਖਿਲਾਫ ਸੜਕਾਂ ’ਤੇ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ, ਮਜੀਠੀਆ, ਹਰਸਿਮਰਤ ਅਤੇ ਨੂੰ ਬਲਵਿੰਦਰ ਸਿੰਘ ਭੂੰਦੜ ਨੂੰ ਚੰਡੀਗਡ਼੍ਹ ਪੁਲਸ ਨੇ ਹਿਰਾਸਤ ਵਿਚ ਲਿਆ

624

ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਖਿਲਾਫ ਸੜਕਾਂ ’ਤੇ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ’ਤੇ ਚੰਡੀਗੜ੍ਹ ਦੇ ਬਾਰਡਰ ’ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਪੰਜਾਬ ਦਾ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਉਧਰ, ਮੁੱਲਾਂਪੁਰ ਬਾਰਡਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਵੀ ਪੁਲਸ ਨੇ ਰੋਕ ਲਿਆ। ਦੱਸਿਆ ਜਾ ਰਿਹਾ ਹੈ ਕਿ ਮੁੱਲਾਂਪੁਰ ਬਾਰਡਰ ’ਤੇ ਪੁਲਸ ਨੇ ਸਖਤੀ ਦਿਖਾਉਂਦੇ ਹੋਏ ਅਕਾਲੀ ਨੇਤਾਵਾਂ ’ਤੇ ਪਾਣੀ ਦੀਆਂ ਵਾਛੜਾਂ ਸੁੱਟੀਆਂ। ਪੁਲਸ ਦੀ ਇਸ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ ਹੈ। ਅਕਾਲੀ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲਾਠੀਚਾਰਜ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਮਾਰਚ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਨਾਲ ਲੱਗਦੇ ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ। ਬਾਰਡਰ ’ਤੇ ਤਿੰਨ ਸ਼੍ਰੇਣੀ ਦੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਸਭ ਤੋਂ ਪਹਿਲਾਂ ਬੈਰੀਕੇਡ ਲਾ ਕੇ ਚੰਡੀਗੜ੍ਹ ਪੁਲਸ ਦੇ ਮੁਲਾਜ਼ਮ ਤਾਇਨਾਤ ਹਨ ਤਾਂ ਉਸ ਦੇ ਪਿੱਛੇ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਕੜੀ ’ਚ ਤੀਜੀ ਸ਼੍ਰੇਣੀ ਵਿਚ ਪਾਣੀ ਦੀਆਂ ਵਾਛੜਾਂ ਕਰਨ ਵਾਲੇ ਵਾਹਨਾਂ ਸਮੇਤ ਵਾਧੂ ਫੋਰਸ ਨੂੰ ਤਇਨਾਤ ਕੀਤਾ ਗਿਆ ਹੈ। ਦੇਰ ਰਾਤ ਤੱਕ ਅਕਾਲੀ ਦਲ ਵਰਕਰ ਇਸ ਬਾਰਡਰ ’ਤੇ ਪੁਲਸ ਤੋਂ ਚੰਡੀਗੜ੍ਹ ’ਚ ਦਾਖਲੇ ਦੀ ਮੰਗ ਕਰਦੇ ਰਹੇ ਪਰ ਪੁਲਸ ਨੇ ਉਨ੍ਹਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ। ਦੇਰ ਰਾਤ ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਧਰਨੇ ’ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਅਕਾਲੀ ਦਲ ਦੇ ਵਰਕਰਾਂ ਨੇ ਅਕਾਲੀ ਲੀਡਰਸ਼ਿਪ ਨੂੰ ਛੇਤੀ ਤੋਂ ਛੇਤੀ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਅੰਦੋਲਨ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਾਰਡਰ ਦੇ ਆਸ-ਪਾਸ ਅਤੇ ਚੰਡੀਗੜ੍ਹ ਵਿਚ ਧਾਰਾ 144 ਲਾ ਦਿੱਤੀ ਹੈ। ਬਾਰਡਰ ’ਤੇ ਹੀ ਵੱਡੇ ਪੋਸਟਰ ਲਾ ਕੇ ਧਾਰਾ 144 ਲਾਏ ਜਾਣ ਦੀ ਸੂਚਨਾ ਦਿੱਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦੀ ਮੰਨੀਏ ਤਾਂ ਧਾਰਾ 144 ਦੀ ਉਲੰਘਣਾ ਕਿਸੇ ਨੂੰ ਵੀ ਕਰਨ ਨਹੀਂ ਦਿੱਤੀ ਜਾਵੇਗੀ। ਜੇਕਰ ਕਾਨੂੰਨ ਵਿਵਸਥਾ ਨਾਲ ਖਿਲਵਾੜ ਕੀਤਾ ਗਿਆ ਤਾਂ ਪੁਲਸ ਸਖਤੀ ਨਾਲ ਨਿਪਟੇਗੀ।