ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਪੱਕੇ ਮੋਰਚੇ ‘ਚ ਕਿਸਾਨਾਂ ਦੀ ਲਗਾਤਾਰ ਵਧ ਰਹੀ ਹੈ ਗਿਣਤੀ

530

-ਕਿਸਾਨਾਂ ਨੇ ਬਿਜਲੀ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਅਸਤੀਫੇ ਦੀ ਮੰਗ
ਸਿਰਸਾ, 12 ਅਕਤੂਬਰ (ਪੰਜਾਬ ਮੇਲ)- ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਚੌਟਾਲਾ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਪੱਕਾ ਧਰਨਾ ਨਾ ਸਿਰਫ ਜਾਰੀ ਹੈ, ਬਲਕਿ ਧਰਨੇ ‘ਚ ਕਿਸਾਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕਿਸਾਨਾਂ ਨੇ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦਾ ਪੁਤਲਾ ਫੂਕਿਆ ਤੇ ਪਿੱਟ ਸਿਆਪਾ ਕਰਦਿਆਂ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਗੁੱਸਾ ਦਿਨੋਂ ਦਿਨ ਵੱਧ ਰਿਹਾ ਹੈ। ਇਕ ਦਰਜਨ ਤੋਂ ਵੱਧ ਜਥੇਬੰਦੀਆਂ ਵੱਲੋਂ ਜਿੱਥੇ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਪੱਕਾ ਮੋਰਚਾ ਲਾਇਆ ਹੋਇਆ ਹੈ, ਉਥੇ ਹੀ ਕੁਝ ਕਿਸਾਨਾਂ ਤੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਲਾਇਆ ਗਿਆ ਹੈ।
ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦਾ ਪੁਤਲਾ ਫੂਕਿਆ ਤੇ ਅਸਤੀਫ਼ੇ ਦੀ ਮੰਗ ਕੀਤੀ। ਇਸ ਪੁਤਲਾ ਫੂਕ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਰਿਆਣਾ ਕਿਸਾਨ ਮੰਚ ਦੇ ਪ੍ਰਧਾਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਰਣਜੀਤ ਸਿੰਘ ਦੇ ਅਸਤੀਫ਼ਿਆਂ ਤੱਕ ਆਪਣਾ ਪੱਕਾ ਮੋਰਚਾ ਜਾਰੀ ਰੱਖਣ ਦੀ ਗੱਲ ਕਹੀ। ਜ਼ਿਲ੍ਹਾ ਪ੍ਰਸ਼ਾਸਨ ‘ਤੇ ਵਰ੍ਹਦਿਆਂ ਉਨ੍ਹਾਂ ਨੇ ਦੱਸਿਆ ਕਿ ਕੁਝ ਅਧਿਕਾਰੀਆਂ ਵੱਲੋਂ ਸਟੇਡੀਅਮ ਦੇ ਪਖਾਨਿਆਂ ਨੂੰ ਬੰਦ ਕਰਨ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਠੰਡ ਪੈਣੀ ਸ਼ੁਰੂ ਹੋ ਗਈ ਹੈ ਤੇ ਕਈ ਬਿਰਧ ਕਿਸਾਨ ਠੰਡ ‘ਚ ਬਾਹਰ ਸੌਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਠੰਡ ‘ਚ ਕੁਝ ਹੁੰਦਾ ਹੈ, ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਸਟੇਡੀਅਮ ਦਾ ਮੁੱਖ ਦਰਵਾਜ਼ਾ ਖੋਲ੍ਹ ਦਿੱਤਾ ਜਾਏ, ਤਾਂ ਜੋ ਬਿਰਧ ਕਿਸਾਨ ਰਾਤ ਨੂੰ ਸਟੇਡੀਅਮ ਦੇ ਹਾਲ ‘ਚ ਸੌਂ ਸਕਣ। ਬਾਅਦ ਵਿਚ ਕਿਸਾਨਾਂ ਨੇ ਸਟੇਡੀਅਮ ਤੋਂ ਬਾਬਾ ਭੂਮਣ ਸ਼ਾਹ ਤੱਕ ਰੋਸ ਪ੍ਰਦਰਸ਼ਨ ਕੀਤਾ ਤੇ ਬਾਬਾ ਭੂਮਣ ਸ਼ਾਹ ਚੌਕ ‘ਚ ਬਿਜਲੀ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ।