ਖੇਤੀ ਕਾਨੂੰਨਾਂ ਦਾ ਵਿਰੋਧ: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਥਾਈਂ ਫੂਕੇ ਗਏ ਪੁਤਲੇ

377
Share

ਭਦੌੜ, 17 ਅਕਤੂਬਰ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਸੈਂਕੜੇ ਟਰੈਕਟਰਾਂ ਨਾਲ ਭਦੌੜ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਭਦੌੜ ਦੇ ਮੁੱਖ ਚੌਕ ਤਿੰਨਕੋਣੀ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਿਲਾਇੰਸ ਮਾਲਕ ਮੁਕੇਸ਼ ਅੰਬਾਨੀ ਅਤੇ ਕਾਰੋਬਾਰੀ ਅਡਾਨੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ ਅਤੇ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ, ਕਾਂਗਰਸੀ, ਭਾਜਪਾ ਸਭ ਮਿਲੇ ਹੋਏ ਹਨ। ਸਾਰੀਆਂ ਪਾਰਟੀਆਂ ਨੂੰ 2022 ਦੀਆਂ ਚੋਣਾਂ ਦਿਖ ਰਹੀਆਂ ਹਨ ਤੇ ਇਸ ਕਰਕੇ ਥੋੜ੍ਹੇ ਮੋਟੇ ਡਰਾਮੇ ਕਰ ਰਹੇ ਹਨ, ਜਦਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਬਚਾਉਣ ਦਾ ਫਿਕਰ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਲਪੇਟ ਵਿਚ ਕਿਸਾਨਾਂ ਤੋਂ ਇਲਾਵਾ ਛੋਟੇ ਦੁਕਾਨਦਾਰ, ਮਜ਼ਦੂਰ, ਆੜਤੀਏ ਵੀ ਆਉਣਗੇ।
ਬਠਿੰਡਾ : ਇਥੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਾ ਫੂਕਿਆ। ਕਿਸਾਨਾਂ ਵਿਚ ਰੋਸ ਹੈ ਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਗੱਲਬਾਤ ਲਈ ਸੱਦ ਕੇ ਉਨ੍ਹਾਂ ਦੀ ਕਿਸੇ ਮੰਤਰੀ ਨਾਲ ਮੀਟਿੰਗ ਨਾ ਕਰਵਾਕੇ ਬੇਇੱਜ਼ਤੀ ਕੀਤੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੀਆਂ।
ਜਲੰਧਰ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਐਨ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ ਸੀ। ਪੁਲਿਸ ਨੇ ਸੁਰੱਖਿਆ ਵਜੋਂ ਡਿਪਟੀ ਕਮਿਸ਼ਨਰ ਦਫਤਰ ਦੇ ਗੇਟ ਬੰਦ ਕਰ ਦਿੱਤੇ, ਜਦੋਂ ਕਿਸਾਨ ਦਫਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ, ਉਦੋਂ ਅੰਦਰ ਕੈਬਨਿਟ ਮੰਤਰੀ ਆਸ਼ੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਨਲਾਈਨ ਸਮਾਰਟ ਵਿਲੇਜ਼ ਬਾਰੇ ਗੱਲਬਾਤ ਕਰ ਰਹੇ ਸਨ। ਕਿਸਾਨ ਆਗੂ ਜਸਵੰਤ ਸਿੰਘ, ਪਰਮਜੀਤ ਸਿੰਘ ਅਤੇ ਕਸ਼ਮੀਰ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਨੂੰਨ ‘ਚ ਸੁਧਾਰ ਨਹੀਂ ਕਰੇਗੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਜੱਥੇਬੰਦੀਆਂ ਸੜਕ ਰੋਕਣ ਤੋਂ ਇਲਾਵਾ ਰੇਲਵੇ ਟ੍ਰੈਫਿਕ ਪ੍ਰਭਾਵਿਤ ਕਰਨਗੇ।


Share