ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਸਾਢੇ ਪੰਜ ਮਹੀਨੇ ਪੂਰੇ

515
Share

* ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਲਾਮਬੰਦੀ
ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਾਢੇ ਪੰਜ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਸੰਘਰਸ਼ ਨੂੰ ਪੜਾਅਵਾਰ ਅੱਗੇ ਵਧਾਉਂਦਿਆਂ ਕਿਸਾਨ ਆਗੂਆਂ ਨੇ 19 ਮਾਰਚ ਨੂੰ ਮੁਜ਼ਾਰਾ ਲਹਿਰ ਅਤੇ 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੋਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਹੋਰਨਾਂ ਨੇ ਦੱਸਿਆ ਕਿ ਪੰਜਾਬ ਭਰ ’ਚ 32 ਕਿਸਾਨ-ਜਥੇਬੰਦੀਆਂ ਵੱਲੋਂ ਚਲਦੇ ਪੱਕੇ-ਮੋਰਚੇ ਭਲਕੇ 19 ਮਾਰਚ ਦਾ ਦਿਨ ਪੈਪਸੂ ਮੁਜ਼ਾਰਾ ਲਹਿਰ ਨੂੰ ਸਮਰਪਿਤ ਹੋਣਗੇ। ਧਰਨਿਆਂ ਦੌਰਾਨ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ, ਆਗੂਆਂ/ਵਰਕਰਾਂ ਦੇ ਪਰਿਵਾਰਾਂ ਨੂੰ ਦਿੱਲੀ ਕਿਸਾਨ-ਮੋਰਚਿਆਂ ’ਚ ਸਨਮਾਨਿਆ ਜਾਵੇਗਾ।
ਪੰਜਾਬ ’ਚ 32 ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਵਿੱਢਿਆ ਸੰਘਰਸ਼ 17 ਮਾਰਚ ਨੂੰ ਸਾਢੇ 5 ਮਹੀਨੇ ਦਾ ਸਮਾਂ ਪੂਰਾ ਕਰ ਗਿਆ ਹੈ। ਕਿਸਾਨ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਸਿਰਫ ਅਡਾਨੀ-ਅੰਬਾਨੀ ਸਮੇਤ ਹੋਰ ਦੇਸੀ-ਵਿਦੇਸੀ ਸਾਮਰਾਜੀ ਕੰਪਨੀਆਂ ਦੇ ਮੁਨਾਫਿਆਂ ਖਾਤਰ ਖੇਤੀ ਕਾਨੂੰਨ ਰੱਦ ਨਾ ਕਰਨ ਦੀ ਅੜੀ ਫੜੀ ਬੈਠੀ ਹੈ। ਪੂੰਜੀਪਤੀਆਂ ਨਾਲ ਕੀਤੇ ਵਾਅਦਿਆਂ ਦੀ ਅੜੀ ਪੁਗਾਉਣ ਲਈ ਕਿਸਾਨਾਂ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ਵਿਅਕਤੀਆਂ ’ਤੇ ਦੇਸ਼ਧ੍ਰੋਹੀ ਦੇ ਝੂਠੇ ਮੁਕੱਦਮੇ ਮੜ੍ਹੇ ਜਾ ਰਹੇ ਹਨ ਅਤੇ ਜੇਲ੍ਹੀਂ ਡੱਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਹਕੂਮਤ ਦੇ ਇਸ ਤਾਨਾਸ਼ਾਹੀ ਰਵੱਈਏ ਤੋਂ ਡਰਨ ਵਾਲੇ ਨਹੀਂ ਅਤੇ ਜਿੱਤ ਪ੍ਰਾਪਤ ਕਰਕੇ ਹੀ ਘਰਾਂ ਨੂੰ ਪਰਤਨਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਹੋਰਾਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਹਜ਼ਾਰਾਂ ਟਰੈਕਟਰ ਟਰਾਲੀਆਂ ਦਾ ਜੱਥਾ 20 ਮਾਰਚ ਨੂੰ ਹਰੀਕੇ ਪੱਤਣ ਅਤੇ ਬਿਆਸ ਪੁਲ ਤੋਂ ਦਿੱਲੀ ਮੋਰਚੇ ’ਚ ਸ਼ਾਮਲ ਹੋਣ ਲਈ ਕੂਚ ਕਰੇਗਾ।

Share