ਖੇਤੀ ਕਾਨੂੰਨ: ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ’ਚੋਂ ਭੁਪਿੰਦਰ ਸਿੰਘ ਮਾਨ ਨੇ ਨਾਂ ਵਾਪਸ ਲਿਆ

484
Share

* ਕਿਹਾ, ‘ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ, ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਨਾਲ ਨਹੀਂ ਕਰ ਸਕਦਾ ਸਮਝੌਤਾ’
ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)-ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਲਈ 2 ਦਿਨ ਪਹਿਲਾਂ ਬਣਾਈ ਕਮੇਟੀ ਵਿਚੋਂ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਫੈਸਲੇ ਦੀ ਵਜ੍ਹਾ ਦੱਸਣ ਲਈ ਉਨ੍ਹਾਂ ਇਕ ਪ੍ਰੈੱਸ ਰਿਲੀਜ਼ ਜਾਰੀ ਕੀਤੀ ਹੈ।
ਭੁਪਿੰਦਰ ਸਿੰਘ ਨੇ ਕਿਹਾ ਕਿ ਚਾਰ ਲੋਕਾਂ ਦੀ ਕਮੇਟੀ ਵਿਚ ਮੈਨੂੰ ਜਗ੍ਹਾ ਦਿੱਤੀ ਗਈ ਹੈ, ਇਸ ਲਈ ਮੈਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ ਪਰ ਇਕ ਕਿਸਾਨ ਅਤੇ ਯੂਨੀਅਨ ਆਗੂ ਹੋਣ ਦੇ ਨਾਤੇ ਆਮ ਲੋਕਾਂ ਅਤੇ ਕਿਸਾਨਾਂ ਦੇ ਖਦਸ਼ਿਆਂ ਨੂੰ ਦੇਖਦਿਆਂ ਮੈਂ ਇਸ ਕਮੇਟੀ ਤੋਂ ਵੱਖ ਹੋ ਰਿਹਾ ਹਾਂ। ਮੈਂ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦਾ। ਇਸ ਲਈ ਮੈਂ ਕਿਸੇ ਵੀ ਅਹੁਦੇ ਨੂੰ ਕੁਰਬਾਨ ਕਰ ਸਕਦਾ ਹਾਂ ਅਤੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹਾ ਰਹਾਂਗਾ।
ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫੈਸਲਾ ਸੁਣਾਉਦਿਆਂ ਸੁਪਰੀਮ ਕੋਰਟ ਨੇ 12 ਜਨਵਰੀ ਨੂੰ ਚਾਰ ਮੈਂਬਰਾਂ ਦੀ ਕਮੇਟੀ ਬਣਾਈ ਸੀ। ਇਸ ਵਿਚ ਭੁਪਿੰਦਰ ਸਿੰਘ ਮਾਨ ਤੋਂ ਇਲਾਵਾ ਇੰਟਰਨੈਸ਼ਨਲ ਪਾਲਿਸੀ ਐਕਸਪਰਟ ਡਾ. ਪ੍ਰਮੋਦ ਕੁਮਾਰ ਜੋਸ਼ੀ, ਐਗਰੀਕਲਚਰ ਇਕੋਨਾਮਿਸਟ ਅਸ਼ੋਕ ਗੁਲਾਟੀ ਅਤੇ ਸ਼ੇਤਕਰੀ ਸੰਗਠਨ ਮਹਾਰਾਸ਼ਟਰ ਦੇ ਅਨਿਲ ਘਟਵਟ ਦਾ ਨਾਂ ਸੀ।
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਅਮਲ ’ਤੇ ਲਾਈ ਹੋਈ ਹੈ ਅਤੇ ਕਮੇਟੀ ਨੂੰ ਸੁਝਾਅ ਪੇਸ਼ ਕਰਨ ਲਈ 2 ਮਹੀਨੇ ਦਾ ਸਮਾਂ ਦਿੱਤਾ ਹੈ। ਇਸ ਕਮੇਟੀ ਦੇ ਗਠਨ ਤੋਂ ਬਾਅਦ ਜਦੋਂ ਭੁਪਿੰਦਰ ਸਿੰਘ ਨੂੰ ਸਵਾਲ ਕੀਤਾ ਗਿਆ ਕਿ ਕਿਸਾਨ ਕਮੇਟੀ ਨਾਲ ਗੱਲ ਨਹੀਂ ਕਰਨੀ ਚਾਹੁੰਦੇ? ਇਸ ’ਤੇ ਉਨ੍ਹਾਂ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਕਮੇਟੀ ਬਣਾਈ ਹੈ ਅਤੇ ਇਸ ’ਤੇ ਕਿਸਾਨ ਸੰਗਠਨਾਂ ਵੱਲੋਂ ਉਂਗਲ ਉਠਾਉਣਾ ਗਲਤ ਹੈ। ਉਨ੍ਹਾਂ ਕਿਹਾ ਸੀ ਕਿ ਇਕ ਕਿਸਾਨ ਹੋਣ ਦੇ ਨਾਤੇ ਮੈਂ ਨਿਰਪੱਖ ਹੋ ਕੇ ਆਪਣੀ ਗੱਲ ਸਰਕਾਰ ਦੇ ਸਾਹਮਣੇ ਰੱਖਾਂਗਾ। ਉਨ੍ਹਾਂ ਕਿਹਾ ਸੀ ਕਿ ਕਮੇਟੀ ਦੇ ਬਾਕੀ ਮੈਂਬਰਾਂ ਨਾਲ ਮੇਰੀ ਗੱਲ ਨਹੀਂ ਹੋਈ ਹੈ। ਮੈਂ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ ਹਾਂ। ਇੰਨਾ ਜ਼ਰੂਰ ਕਹਾਂਗਾ ਕਿ ਕਿਸਾਨਾਂ ਦੇ ਹਿੱਤ ਦੇ ਖਿਲਾਫ਼ ਕੋਈ ਕੰਮ ਨਹੀਂ ਕਰਾਂਗਾ। ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਤੁਸੀਂ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਸੀ, ਤਾਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਮੇਟੀ ਨਾਲ ਗੱਲ ਨਹੀਂ ਹੋ ਜਾਂਦੀ, ਮੈਂ ਇਸ ’ਤੇ ਕੁਝ ਨਹੀਂ ਕਹਾਂਗਾ।
ਜ਼ਿਕਰਯੋਗ ਹੈ ਕਿ 5 ਸਤੰਬਰ 1939 ਨੂੰ ਗੁਜਰਾਂਵਾਲਾ (ਹੁਣ ਪਾਕਿਸਤਾਨ) ਵਿਚ ਜਨਮੇ ਭੁਪਿੰਦਰ ਸਿੰਘ ਮਾਨ ਕਿਸਾਨਾਂ ਲਈ ਹਮੇਸ਼ਾ ਕੰਮ ਕਰਦੇ ਰਹੇ ਹਨ। ਇਸੇ ਕਾਰਨ ਰਾਸ਼ਟਰਪਤੀ ਨੇ 1990 ਵਿਚ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ। ਉਹ ਆਲ ਇੰਡੀਆ ਭਾਰਤੀ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਵੀ ਹਨ। ਮਾਨ ਨੂੰ ਖੇਤੀ ਕਾਨੂੰਨਾਂ ’ਤੇ ਕੁਝ ਇਤਰਾਜ਼ ਹਨ। ਉਨ੍ਹਾਂ ਦੀ ਤਾਲਮੇਲ ਕਮੇਟੀ ਨੇ 14 ਦਸੰਬਰ ਨੂੰ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇਕ ਪੱਤਰ ਲਿਖਿਆ ਸੀ, ਜਿਸ ਵਿਚ ਕੁਝ ਇਤਰਾਜ਼ਾਂ ਨਾਲ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਪੱਤਰ ਵਿਚ ਲਿਖਿਆ ਸੀ ਕਿ ਅੱਜ ਭਾਰਤ ਦੀ ਖੇਤੀ ਵਿਵਸਥਾ ਨੂੰ ਮੁਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ’ਚ ਜਿਹੜੇ ਤਿੰਨ ਕਾਨੂੰਨ ਪਾਸ ਕੀਤੇ ਗਏ ਹਨ, ਅਸੀਂ ਉਨ੍ਹਾਂ ਦੇ ਪੱਖ ਵਿਚ ਸਰਕਾਰ ਦਾ ਸਮਰਥਨ ਕਰਨ ਲਈ ਅੱਗੇ ਆਏ ਹਾਂ।

Share