ਖੇਤੀ ਬਿੱਲਾਂ ਦੇ ਵਿਰੋਧ ਵਿੱਚ ‘ਪੰਜਾਬ ਮੁਕੰਮਲ ਬੰਦ’

561

ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦੇ ਕੇ ਸੜਕਾਂ ਤੇ ਰੇਲ ਮਾਰਗਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਨਿੱਤਰਿਆ ਹੈ। ਅੱਜ ਬਰਨਾਲਾ ‘ਚ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਵਿੱਚ ਅਕਾਲੀ ਲੀਡਰ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ। ਅਕਾਲੀ ਲੀਰਨ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇਕਰ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਦਾ ਵੀ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਸੰਘਰਸ਼ ਖੇਤੀ ਬਿੱਲ ਰੱਦ ਹੋਣ ਤੱਕ ਜਾਰੀ ਰਹੇਗਾ। ਦੇਸ਼ ‘ਚ ਕਿਸਾਨੀ ਜਥੇਬੰਦੀਆਂ ਨੂੰ ਕਾਂਗਰਸ, ਰਾਜਦ, ਸਮਾਜਵਾਦੀ ਪਾਰਟੀ, ਅਕਾਲੀ ਦਲ, ਆਪ, ਟੀਐਮਸੀ ਸਮੇਤ ਕਈ ਰਾਜਨੀਤਕ ਪਾਰਟੀਆਂ ਦਾ ਵੀ ਸਮਰਥਨ ਮਿਲਿਆ ਹੈ। ਲੰਘੇ ਕੱਲ੍ਹ ਯਾਨੀ ਵੀਰਵਾਰ, 24 ਸਤੰਬਰ ਤੋਂ ਪੰਜਾਬ ਦੇ ਕਿਸਾਨ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ‘ਤੇ ਹਨ। ਉੱਥੋਂ ਦੇ ਕਿਸਾਨ ਰੇਲਵੇ ਟਰੈਕ ‘ਤੇ ਡਟ ਕੇ ਬੈਠੇ ਹਨ ਤੇ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਦੇਸ਼ ਵਿਆਪੀ ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਕਾਰਵਾਈ ਨਾਲ ਨਜਿੱਠਿਆ ਜਾ ਸਕੇ। ਦੱਸ ਦਈਏ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸਾਨ ਨੇਤਾਵਾਂ ਨੇ ਸ਼ਾਂਤਮਈ ਅੰਦੋਲਨ ਦਾ ਭਰੋਸਾ ਦਿੱਤਾ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਅੱਜ ਟ੍ਰੈਫਿਕ ਨਹੀਂ ਚੱਲਣ ਦੇਵਾਂਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਆ ਕੇ ਖੜ੍ਹਨ। ਉਨ੍ਹਾਂ ਕਿਹਾ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਨਹੀਂ ਕਰ ਸਕਦੀ। 31 ਜਥੇਬੰਦੀਆ ਨੇ ਮੀਟਿੰਗ ਮਗਰੋਂ ਜਲਦ ਹੀ ਅਗਲੀ ਰਣਨੀਤੀ ਦਾ ਐਲਾਨ ਕਰਾਂਗੇ। ਅਸੀਂ ਸਾਰਿਆਂ ਦਾ ਸਮਰਥਨ ਚਾਹੁੰਦੇ ਹਾਂ। ਕਾਂਗਰਸ ਸਰਕਾਰ ਵੀ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਗਈ ਕਿਉਂਕਿ ਉਹ ਵੀ ਇਹ ਕਾਨੂੰਨ ਲਾਗੂ ਕਰਨਾ ਚਾਹੁੰਦੇ ਸਨ।