ਗਣਤੰਤਰ ਦਿਵਸ: ਹਰਿਆਣਾ ਦੇ ਮੁੱਖ ਮੰਤਰੀ ਸਮੇਤ ਹੋਰਨਾਂ ਮੰਤਰੀਆਂ ਨੂੰ ਨਹੀਂ ਲਹਿਰਾਉਣ ਦਿੱਤਾ ਜਾਵੇਗਾ ਤਿਰੰਗਾ

497
Share

* ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਯੂਥ ਵਿੰਗ ਵੱਲੋਂ ਕੀਤਾ ਗਿਆ ਐਲਾਨ
ਚੰਡੀਗੜ੍ਹ, 11 ਜਨਵਰੀ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਯੂਥ ਵਿੰਗ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੂਬੇ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਣੇ ਹੋਰਨਾਂ ਕੈਬਨਿਟ ਮੰਤਰੀਆਂ ਨੂੰ ਤਿਰੰਗਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ। ਜਥੇਬੰਦੀ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਦੱਸਿਆ ਕਿ ਇਹ ਫ਼ੈਸਲਾ ਹਰਿਆਣਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੀਤੀ ਬੈਠਕ ’ਚ ਲਿਆ। ਉਨ੍ਹਾਂ ਦੱਸਿਆ ਕਿ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਸੰਘਰਸ਼ ਵਾਂਗ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਅਤੇ ਜੇ.ਜੇ.ਪੀ. ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਕਰਨਾਲ ਦੇ ਪਿੰਡ ਕੈਮਲਾ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ ਹੈ, ਉਸੇ ਤਰ੍ਹਾਂ ਭਵਿੱਖ ਵਿਚ ਵੀ ਭਾਜਪਾ ਅਤੇ ਜੇ.ਜੇ.ਪੀ. ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਅੰਬਾਲਾ ਅਤੇ ਪੰਚਕੂਲਾ ’ਚ ਮੁੱਖ ਮੰਤਰੀ ਅਤੇ ਉਚਾਣਾ ’ਚ ਉਪ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾ ਚੁੱਕਾ ਹੈ। ਰਵੀ ਆਜ਼ਾਦ ਨੇ ਦੱਸਿਆ ਕਿ ਹਰਿਆਣਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ‘ਟਰੈਕਟਰ ਮਾਰਚ ਪਰੇਡ’ ਦੀਆਂ ਤਿਆਰੀਆਂ ਕੀਤੀਆਂ ਜਾ ਰਹੀ ਹਨ। ਇਸ ਲਈ ਸੂਬੇ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਹਰ ਪਿੰਡ ਵਿਚੋਂ 10 ਟਰੈਕਟਰ ਅਤੇ ਹਰ ਘਰ ਵਿੱਚੋਂ ਇਕ ਜਣਾ ਦਿੱਲੀ ਪਰੇਡ ’ਚ ਹਿੱਸਾ ਲਵੇ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹਰਿਆਣਾ ਵਿਚ ਵੀ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੀਆਂ ਸਾਰੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਯੂਨੀਅਨ ਦੀਆਂ ਕਮੇਟੀਆਂ ਬਣਾਉਣ ਤਾਂ ਜੋ ਕਿਸਾਨੀ ਸੰਘਰਸ਼ ਦੀ ਵਿਉਂਤਬੰਦੀ ਆਸਾਨੀ ਨਾਲ ਪਿੰਡ ਪੱਧਰ ਤੱਕ ਪਹੁੰਚਾਈ ਜਾ ਸਕੇ। ਯੂਨੀਅਨ ਆਗੂ ਹਰਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟਰੈਕਟਰ ਮਾਰਚ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਚ ਭਾਜਪਾ ਅਤੇ ਜੇ.ਜੇ.ਪੀ. ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ। ਇਸ ਤਹਿਤ ਵੱਡੀ ਗਿਣਤੀ ਭਾਜਪਾ ਆਗੂ ਵੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਖ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ।

Share