ਗਣਤੰੰਤਰ ਦਿਵਸ ਹਿੰਸਾ ਦੀ ਘਟਨਾ ਕਾਰਨ ਲੱਗੇ ਝਟਕੇ ਮਗਰੋਂ ਕਿਸਾਨ ਅੰਦੋਲਨ ਮੁੜ ਲੱਗਿਆ ਉਭਰਨ

449
Share

ਚੰਡੀਗੜ੍ਹ, 31 ਜਨਵਰੀ (ਪੰਜਾਬ ਮੇਲ)- ਗਣਤੰੰਤਰ ਦਿਵਸ ਮੌਕੇ ਕੌਮੀ ਰਾਜਧਾਨੀ ਵਿੱਚ ਹਿੰਸਾ ਦੀ ਘਟਨਾ ਕਾਰਨ ਲੱਗੇ ਝਟਕੇ ਮਗਰੋਂ ਕਿਸਾਨ ਅੰਦੋਲਨ ਮੁੜ ਉਭਰਨ ਲੱਗਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਦਿੱਲੀ ਮੋਰਚੇ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ’ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਟਰੈਕਟਰਾਂ ’ਤੇ ਸਵਾਰ ਹੋ ਕੇ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ।

ਹਰਿਆਣਾ ਦੀਆਂ ਸਮੁੱਚੀਆਂ ਖਾਪ ਪੰਚਾਇਤਾਂ ਨੇ ਰੋਹਤਕ ਵਿੱਚ ਬੈਠਕ ਕਰਕੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਅਤੇ ਹਰ ਇੱਕ ਪਿੰਡ ਦੇ ਹਰੇਕ ਘਰ ਵਿੱਚੋਂ ਇੱਕ ਜੀਅ ਦਿੱਲੀ ਵਿੱਚ ਕਿਸਾਨ ਅੰਦੋਲਨ ’ਚ ਭੇਜਣ ਦਾ ਫ਼ੈਸਲਾ ਕੀਤਾ ਹੈ। ਹਲਕਾ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਅਤੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਦੀ ਅਗਵਾਈ ਹੇਠ ਖਾਪ ਦੀ ਮੀਟਿੰਗ ਕੀਤੀ ਗਈ। ਸਾਂਗਵਾਨ ਖਾਪ ਨੇ ਕਿਸਾਨੀ ਸੰਘਰਸ਼ ਦੀ ਹਰ ਪੱਖੋਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸੋਮਵੀਰ ਸਾਂਗਵਾਨ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ, ਇਸ ਲਈ ਕੇਂਦਰ ਸਰਕਾਰ ਵੱਲੋਂ ਕਰੋਨਾ ਕਾਲ ਦੌਰਾਨ ਇਨ੍ਹਾਂ ਨੂੰ ਜਬਰੀ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਾਪ ਪੰਚਾਇਤਾਂ ਵੱਲੋਂ ਰੋਜ਼ਾਨਾ 10 ਹਜ਼ਾਰ ਵਿਅਕਤੀ ਦਿੱਲੀ ਬਾਰਡਰ ’ਤੇ ਭੇਜੇ ਜਾਣਗੇ। ਸ੍ਰੀ ਸਾਂਗਵਾਨ ਨੇ ਦੱਸਿਆ ਕਿ ਇਹ ਅੰਦੋਲਨ ਕਿਸੇ ਜਾਤ-ਬਰਾਦਰੀ ਦਾ ਨਹੀਂ ਹੈ, ਇਹ ਜਨ ਅੰਦੋਲਨ ਹੈ, ਜਿਸ ਵਿੱਚ ਹਰੇਕ ਤਬਕੇ ਦੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਆਜ਼ਾਦ ਵਿਧਾਇਕ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰਿਆਣਾ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਸ੍ਰੀ ਸਾਂਗਵਾਨ ਨੇ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਵੀ ਜਲਦ ਬਹਾਲ ਕਰੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਪੈਦਾ ਹੋ ਸਕੇ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਮਹਾਤਮਾ ਗਾਂਧੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਹੋਰਨਾਂ ਵਰਗ ਦੇ ਲੋਕਾਂ ਨੇ ਇੱਕ ਦਿਨਾ ਭੁੱਖ ਹੜਤਾਲ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚੋਂ ਦਿੱਲੀ ਨੂੰ ਜਥੇ ਭੇਜੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਟਰੈਕਟਰਾਂ ਦੇ ਵੱਡੇ ਕਾਫ਼ਲਿਆਂ ਨੇ ਦਿੱਲੀ ਵੱਲ ਕੂਚ ਕੀਤਾ। ਪੰਜਾਬ ਦੇ ਪਿੰਡਾਂ ਵਿੱਚੋਂ ਗਰਾਮ ਪੰਚਾਇਤਾਂ ਵੱਲੋਂ ਵੀ ਕਿਸਾਨਾਂ ਦੀ ਲਾਮਬੰਦੀ ਲਈ ਮਤੇ ਪਾਏ ਜਾ ਰਹੇ ਹਨ ਅਤੇ ਜਨਤਕ ਤੌਰ ’ਤੇ ਲਗਾਤਾਰ ਹਲਫ਼ਦਾਰੀ ਸਮਾਗਮ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ 1000 ਵਾਲੰਟੀਅਰਾਂ ਦਾ ਕਾਫਲਾ ਕਿਸਾਨ ਮਜ਼ਦੂਰ ਕਮੇਟੀ ਦੀ ਮਦਦ ਲਈ ਭੇਜਿਆ ਗਿਆ ਹੈ। ਇਸੇ ਦੌਰਾਨ ਸ਼ੋ੍ਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਦਿੱਲੀ ਦੀਆਂ ਹੱਦਾਂ ’ਤੇ ਵਾਪਰੀਆਂ ਤਾਜ਼ਾ ਘਟਨਾਵਾਂ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਅਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਦਿੱਲੀ ਮੋਰਚੇ ’ਤੇ ਪੁੱਜਣ ਦੀ ਅਪੀਲ ਕੀਤੀ ਹੈ।

ਕਿਸਾਨੀ ਸੰਘਰਸ਼ ਵਿੱਚ ਸਿਰਫ਼ ਕਿਸਾਨ ਜਥੇਬੰਦੀਆਂ ਦੇ ਆਗੂ ਹੀ ਨਹੀਂ ਰਾਜਨੀਤਕ ਦਲ ਵੀ ਰਾਜਨੀਤੀ ਤੋਂ ਉਪਰ ਉੱਠ ਕੇ ਦਿੱਲੀ ਪਹੁੰਚ ਰਹੇ ਹਨ। ਅੱਜ ਇਨੈਲੋ ਦੇ ਸੀਨੀਅਰ ਆਗੂ ਅਤੇ ਖੇਤੀ ਕਾਨੂੰਨ ਵਿਰੋਧ ਵਿੱਚ ਅਸਤੀਫ਼ਾ ਦੇਣ ਵਾਲੇ ਅਭੈ ਚੌਟਾਲਾ ਵੀ ਕਿਸਾਨਾਂ ਦੀ ਹਮਾਇਤ ਵਿੱਚ ਅੱਜ ਸੂਬੇ ਵਿੱਚ ਟਰੈਕਟਰ ਮਾਰਚ ਕੱਢਦੇ ਹੋਏ ਗਾਜ਼ੀਪੁਰ ਬਾਰਡਰ ’ਤੇ ਪਹੁੰਚ ਗਏ ਹਨ। ਇਹ ਟਰੈਕਟਰ ਮਾਰਚ ਅੰਬਾਲਾ ਤੋਂ ਸ਼ੁਰੂ ਹੋ ਕੇ ਕਰਨਾਲ, ਕੁਰੂਕਸ਼ੇਤਰ, ਪਾਣੀਪਤ ਅਤੇ ਸੋਨੀਪਤ ਤੋਂ ਹੁੰਦਿਆ ਗਾਜ਼ੀਪੁਰ ਪਹੁੰਚਿਆ। ਇਸ ਦੌਰਾਨ ਅਭੈ ਚੌਟਾਲਾ ਨੇ ਕਿਹਾ ਕਿ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਤਿਆਰ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਕਾਨੂੰਨ ਰੱਦ ਕੀਤੇ ਜਾਣ।


Share