ਹੁਣ ਫੈਡਰਲ ਏਜੰਟਾਂ ਨੂੰ ਗ਼ੈਰ-ਕਾਨੂੰਨੀ ਲੋਕਾਂ ਨੂੰ ਫੜਨ ਦੀ ਜ਼ਿੰਮੇਵਾਰੀ ਸੌਂਪੀ
ਵਾਸ਼ਿੰਗਟਨ, 22 ਮਾਰਚ (ਪੰਜਾਬ ਮੇਲ)-ਗ਼ੈਰ ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਲੋਕਾਂ ‘ਤੇ ਟਰੰਪ ਸਰਕਾਰ ਦਾ ਸ਼ਿਕੰਜਾ ਕਸਦਾ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਬੱਚਿਆਂ ਨਾਲ ਬਦਸਲੂਕੀ ਕਰਨ ਵਾਲੇ Federal ਏਜੰਟਾਂ ਨੂੰ ਗ਼ੈਰ-ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਲੋਕਾਂ ਨੂੰ ਫੜਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।
ਮਨੀ ਲਾਂਡਰਿੰਗ ਵਰਗੇ ਮਾਮਲਿਆਂ ਨੂੰ ਹੱਲ ਕਰਨ ਵਾਲੇ ਹੋਮਲੈਂਡ ਸਕਿਓਰਿਟੀ ਇਨਵੈਸਟੀਗੇਟਰਜ਼ ਹੁਣ ਰੈਸਟਾਰੈਂਟਾਂ ਤੇ ਹੋਰ ਛੋਟੇ-ਮੋਟੇ ਵਪਾਰਕ ਅਦਾਰਿਆਂ ‘ਚ ਛਾਪੇ ਮਾਰ ਰਹੇ ਹਨ ਤੇ ਦੇਖ ਰਹੇ ਹਨ ਕਿ ਕਿਤੇ ਉੱਥੇ ਲੋਕ ਗ਼ੈਰ-ਕਾਨੂੰਨੀ ਤੌਰ ‘ਤੇ ਤਾਂ ਕੰਮ ਨਹੀਂ ਕਰ ਰਹੇ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਤੇ ਟੈਕਸ ‘ਚ ਠੱਗੀ ਮਾਰਨ ਵਾਲੇ ਏਜੰਟਾਂ ਨੂੰ ਵੀ ਗ਼ੈਰ-ਕਾਨੂੰਨੀ ਤੌਰ ‘ਤੇ ਦੇਸ਼ ‘ਚ ਰਹਿ ਰਹੇ ਲੋਕਾਂ ਨੂੰ ਲੱਭਣ ਦਾ ਕੰਮ ਸੌਂਪ ਦਿੱਤਾ ਗਿਆ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਹਦਾਇਤਾਂ ਅਨੁਸਾਰ ਦੇਸ਼ ‘ਚ ਗ਼ੈਰ ਕਾਨੂੰਨੀ ਪ੍ਰਵਾਸੀਆਂ ‘ਤੇ ਕਾਬੂ ਪਾਉਣ ਲਈ ਵੱਖ-ਵੱਖ ਵਿਭਾਗ ਦੀਆਂ ਟੀਮਾਂ ਨੂੰ ਆਪਣਾ ਕੰਮ ਛੱਡ ਕੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੱਭਣ ਦਾ ਕੰਮ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਲੱਖਾਂ ਹੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇਸ ਦੌਰਾਨ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕੀ ਫੌਜ ਦੇ ਜਹਾਜ਼ਾਂ ਰਾਹੀਂ ਡਿਪੋਰਟ ਵੀ ਕੀਤਾ ਜਾ ਚੁੱਕਾ ਹੈ। ਭਾਰਤ ‘ਚ ਵੀ ਗ਼ੈਰ-ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਨਾਲ ਭਰੇ ਜਹਾਜ਼ ਲੈਂਡ ਹੋ ਚੁੱਕੇ ਹਨ।
ਟਰੰਪ ਦੇ ਇਸ ਫ਼ੈਸਲੇ ਨੂੰ ਕੁਝ ਲੋਕ ਇਸ ਤਰ੍ਹਾਂ ਵੀ ਦੇਖ ਰਹੇ ਹਨ ਕਿ ਜੋ ਅਧਿਕਾਰੀ ਅਪਰਾਧ ਦੇ ਮਾਮਲਿਆਂ ਦਾ ਨਿਪਟਾਰਾ ਕਰਦੇ ਹਨ, ਜੇਕਰ ਉਹ ਇਮੀਗ੍ਰੇਸ਼ਨ ਦੇ ਮਾਮਲੇ ਦੇਖਣਗੇ, ਤਾਂ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕੌਣ ਕਰੇਗਾ? ਉਨ੍ਹਾਂ ਅਨੁਸਾਰ ਇਸ ਤਰ੍ਹਾਂ ਅਮਰੀਕਾ ਦੀ ਸੁਰੱਖਿਆ ‘ਚ ਵਿਘਨ ਪਵੇਗਾ, ਜਦਕਿ ਟਰੰਪ ਸਰਕਾਰ ਮੁਤਾਬਕ ਇਸ ਸਮੇਂ ਗ਼ੈਰ-ਕਾਨੂੰਨੀ ਪ੍ਰਵਾਸੀ ਹੀ ਦੇਸ਼ ਲਈ ਸਭ ਤੋਂ ਵੱਡਾ ਖ਼ਤਰਾ ਹਨ, ਜਿਸ ਨੂੰ ਖ਼ਤਮ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।
ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਟਰੰਪ ਵੱਲੋਂ ਨਵੇਂ ਹੁਕਮ ਜਾਰੀ
