#PUNJAB

ਗਿਆਨੀ ਹਰਪ੍ਰੀਤ ਸਿੰਘ ਨੇ ਅਸਿੱਧੇ ਤੌਰ ‘ਤੇ ‘ਦਬਾਅ’ ਕਾਰਨ ਸੇਵਾ ਛੱਡਣ ਦੀ ਗੱਲ ਕਬੂਲੀ

ਅੰਮ੍ਰਿਤਸਰ, 24 ਜੂਨ (ਪੰਜਾਬ ਮੇਲ)- ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਿੱਧੇ ਤੌਰ ‘ਤੇ ਮੰਨਿਆ ਕਿ ਉਨ੍ਹਾਂ ਦਬਾਅ ਕਾਰਨ ਸੇਵਾ ਛੱਡੀ ਹੈ। ਉਹ ਅਕਾਲ ਤਖ਼ਤ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੇਵਾ ਸੰਭਾਲ ਸਮਾਗਮ ਵਿਚ ਸ਼ਾਮਲ ਹੋਣ ਪੁੱਜੇ ਸਨ। ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦਾ ਨਾਮ ਲਏ ਬਗੈਰ ਆਖਿਆ ਕਿ ਅਜਿਹੇ ਹਾਲਾਤ ਪੈਦਾ ਕੀਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।
ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਉਹ ਤਣਾਅ ਮੁਕਤ ਹਨ ਅਤੇ ਸਕੂਨ ਮਹਿਸੂਸ ਕਰ ਰਹੇ ਹਨ। ਜ਼ਿੰਮੇਵਾਰੀ ਕਾਰਨ ਪਹਿਲਾਂ ਉਹ ਆਪਣਾ ਸਿਮਰਨ ਵੀ ਪੂਰਾ ਨਹੀਂ ਕਰ ਸਕਦੇ ਸਨ। ਆਪਣੇ ਕਾਰਜਕਾਲ ਦੌਰਾਨ ਦਬਾਅ ਬਾਰੇ ਗੱਲ ਕਰਦਿਆਂ ਉਨ੍ਹਾਂ ਇੰਗਲੈਂਡ ਵਿਚ ਦਿੱਤੀ ਇਕ ਇੰਟਰਵਿਊ ਦਾ ਹਵਾਲਾ ਦਿੱਤਾ, ਜਿਸ ਵਿਚ ਉਨ੍ਹਾਂ ਕਿਹਾ ਸੀ, ”ਮੈਂ ਜਦੋਂ ਵੀ ਦਬਾਅ ਮਹਿਸੂਸ ਕਰਾਂਗਾ ਤਾਂ ਘਰ ਬੈਠ ਜਾਵਾਂਗਾ।” ਉਨ੍ਹਾਂ ਕਿਹਾ ਕਿ ਹੁਣ ਉਹ ਘਰ ਬੈਠ ਗਏ ਹਨ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਉਨ੍ਹਾਂ ਆਪਣੀ ਇੱਛਾ ਨਾਲ ਇਹ ਅਹੁਦਾ ਛੱਡਿਆ ਹੈ।
ਵਿਧਾਨ ਸਭਾ ਵਿਚ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਪੈਦਾ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ, ”ਇਸ ਲਈ ਵੱਡੇ ਅਹੁਦਿਆਂ ‘ਤੇ ਬੈਠੇ ਅਸੀਂ ਸਾਰੇ ਜ਼ਿੰਮੇਵਾਰ ਹਾਂ।” ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਅਜਿਹੀ ਦਖਲਅੰਦਾਜ਼ੀ ਮਾਸਟਰ ਤਾਰਾ ਸਿੰਘ-ਨਹਿਰੂ ਸਮਝੌਤੇ ਦੀ ਉਲੰਘਣਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।
ਵਿਧਾਨ ਸਭਾ ਵਿਚ ਗੁਰਸਿੱਖ ਦੀ ਦਾੜ੍ਹੀ ਦਾ ਮਜ਼ਾਕ ਉਡਾਏ ਜਾਣ ਬਾਰੇ ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਰਾਜਨੀਤੀ ਵਿਚ ਕਿਸੇ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਨੇ ਚਾਹੀਦੇ ਹਨ।

Leave a comment