-58 ਵਾਰਡਾਂ ‘ਚ 237 ਉਮੀਦਵਾਰ ਲੜ ਰਹੇ ਨੇ ਚੋਣ
ਗੁਰਦਾਸਪੁਰ, 12 ਜੂਨ (ਪੰਜਾਬ ਮੇਲ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀਆਂ ਚੋਣਾਂ 13 ਜੂਨ ਨੂੰ ਕਰਵਾਈਆਂ ਜਾਣਗੀਆਂ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਸਬੰਧੀ ਜਿੱਥੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਪੋਲਿੰਗ ਪਾਰਟੀਆਂ ਪਹੁੰਚ ਚੁੱਕੀਆਂ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ ਹਨ, ਜਦਕਿ ਦੀਨਾਨਗਰ ਅਤੇ ਕਾਦੀਆਂ ਦੇ 15-15 ਵਾਰਡ ਹਨ, ਜਿਨ੍ਹਾਂ ਦੇ ਕੌਂਸਲਰਾਂ ਦੀ ਚੋਣ ਲਈ ਇਹ ਵੋਟਿੰਗ ਕਰਵਾਈ ਜਾ ਰਹੀ ਹੈ। ਇਨ੍ਹਾਂ ਵਿਚੋਂ ਨਗਰ ਕੌਂਸਲ ਕਾਦੀਆਂ ਦੇ ਵਾਰਡ ਨੰਬਰ 6 ਵਿਚ ਇੱਕ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਜਾ ਚੁੱਕਾ ਹੈ, ਜਿਸ ਕਾਰਨ ਹੁਣ ਕੁੱਲ 58 ਵਾਰਡਾਂ ਲਈ ਚੋਣ ਹੋਵੇਗੀ।
ਇਸ ਵਾਰ ਚੋਣਾਂ ਦੀ ਖ਼ਾਸ ਗੱਲ ਇਹ ਰਹੇਗੀ ਕਿ ਸਾਰੇ ਪੋਲਿੰਗ ਬੂਥਾਂ ‘ਤੇ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਵੋਟਾਂ ਬੈਲਟ ਪੇਪਰ ਰਾਹੀਂ ਪਵਾਉਣ ਦੀ ਬਜਾਏ ਈ.ਵੀ.ਐੱਮ. ਮਸ਼ੀਨਾਂ ਰਾਹੀਂ ਪਵਾਈਆਂ ਜਾਣਗੀਆਂ। ਦੱਸਣਯੋਗ ਹੈ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਹਨ। ਹਾਈਕੋਰਟ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਚੋਣ ਪ੍ਰਕਿਰਿਆ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇ ਅਤੇ ਹੋਰ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ ਸਨ।
ਵੋਟਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਵੇਗਾ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਸੰਬੰਧਿਤ ਥਾਵਾਂ ‘ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਕੌਂਸਲ ਗੁਰਦਾਸਪੁਰ ਦੀਆਂ 29 ਵਾਰਡਾਂ ਲਈ 70 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇੱਥੇ 69,801 ਵੋਟਰ ਆਪਣੇ ਮਤ ਦਾ ਇਸਤੇਮਾਲ ਕਰ ਸਕਣਗੇ। ਗੁਰਦਾਸਪੁਰ ਦੀਆਂ 29 ਵਾਰਡਾਂ ਵਿਚ 120 ਉਮੀਦਵਾਰ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਕਾਦੀਆਂ ਨਗਰ ਕੌਂਸਲ ਦੇ 15 ਵਾਰਡਾਂ ਲਈ 18 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿਚੋਂ ਇੱਕ ਵਾਰਡ ‘ਤੇ ਚੋਣ ਨਹੀਂ ਹੋਵੇਗੀ ਅਤੇ ਬਾਕੀ 14 ਵਾਰਡਾਂ ਵਿਚ 55 ਉਮੀਦਵਾਰ ਚੋਣ ਮੈਦਾਨ ਵਿਚ ਹਨ। ਦੀਨਾਨਗਰ ਦੀਆਂ 15 ਵਾਰਡਾਂ ਲਈ 21 ਪੋਲਿੰਗ ਬੂਥ ਬਣਾਏ ਗਏ ਹਨ ਅਤੇ 62 ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਹਨ। ਇੱਥੇ 19,599 ਵੋਟਰ ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਵੋਟਿੰਗ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਅਦਿਤਿਆ ਨੇ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਬਕਾਇਦਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੂਰੀ ਮੁਸਤੈਦੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੋਲਿੰਗ ਬੂਥ ‘ਤੇ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਹੁਲੜਬਾਜ਼ੀ ਕਰਦਾ ਹੈ ਜਾਂ ਵੋਟਿੰਗ ਪ੍ਰਕਿਰਿਆ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰੇਕ ਬੂਥ ਨੂੰ ਸੰਵੇਦਨਸ਼ੀਲ ਮੰਨ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ ‘ਚ 13 ਜੂਨ ਨੂੰ ਪੈਣਗੀਆਂ ਵੋਟਾਂ

