#PUNJAB

ਗੁਰਦੁਆਰਾ ਪੰਜਾ ਸਾਹਿਬ ‘ਚ ਵਿਸਾਖੀ ਮਨਾ ਕੇ ਵਤਨ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ

ਅਟਾਰੀ, 18 ਅਪ੍ਰੈਲ (ਪੰਜਾਬ ਮੇਲ)- ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜ਼ਿਕਰਯੋਗ ਹੈ ਕਿ ਵਿਸਾਖੀ ਪਰਬ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 9 ਅਪ੍ਰੈਲ ਨੂੰ ਰਵਾਨਾ ਹੋਇਆ ਸੀ, ਜਦੋਂ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰ ਦੌਰਾਨ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਵਤਨ ਵਾਪਸੀ ਮੌਕੇ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਸ਼ਰਧਾਲੂ ਨਰਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ ਪੁਰਬ) ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਦੌਰਾਨ ਦੇਸ਼-ਵਿਦੇਸ਼ ਪੁੱਜੇ 107 ਸਿੱਖ ਸ਼ਰਧਾਲੂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਅੰਮ੍ਰਿਤ ਛਕਣ ਵਾਲੀ ਸੰਗਤ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਭੇਟਾ ਰਹਿਤ ਕਕਾਰ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਲ ਹੋਏ। ਹਰਭਜਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਵਿਸਾਖੀ ਪੁਰਬ ਗੁਰਦੁਆਰਾ ਪੰਜਾ ਸਾਹਿਬ ਵਿਖੇ ਤੋਂ ਇਲਾਵਾ ਭਾਰਤੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਤੋਂ ਇਲਾਵਾ ਲਾਹੌਰ ਸਥਿਤ ਸਥਾਨਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕੀਤੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ਼ ਬੋਰਡ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਵਾਤਾਨਕੂਲ ਬੱਸਾਂ ਰਾਹੀਂ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ। ਹਰਦੀਪ ਸਿੰਘ ਨੇ ਕਿਹਾ ਕਿ ਬਚਪਨ ਤੋਂ ਹੀ ਉਸਨੂੰ ਪਾਕਿਸਤਾਨ ਸਥਿਤ ਗੁਰੂ ਨਾਨਕ ਦੇਵ ਦੀ ਜਨਮ ਭੂਮੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਖਾਹਸ਼ ਸੀ, ਜੋ ਪੂਰੀ ਹੋਈ।
ਬਲਦੇਵ ਸਿੰਘ ਭਿੱਖੀਵਿੰਡ ਨੂੰ ਗੁਰਧਾਮਾਂ ਦੀ ਯਾਤਰਾ ਦੌਰਾਨ ਆਪਣੇ ਪੁਰਖਿਆਂ ਦਾ ਪਿੰਡ ਤੇ ਘਰ ਵੇਖ ਬਹੁਤ ਸਕੂਨ ਮਿਲਿਆ। ਉਨ੍ਹਾਂ ਦੱਸਿਆ ਕਿ ਵੰਡ ਤੋਂ ਪਹਿਲਾਂ ਉਸ ਦੇ ਪੁਰਖੇ ਰਾਜਾਜ਼ੰਗ ਪਿੰਡ ਵਿਚ ਦੇ ਵਸਨੀਕ ਸਨ, ਜੋ ਕਸੂਰ ਤੋਂ 25 ਕਿਲੋਮੀਟਰ ਦੂਰ ਹੈ। ਪਿੰਡ ਵਿਚ ਵੱਡੀ ਉਮਰ ਦਾ ਵਿਅਕਤੀ ਮਿਲਿਆ, ਜਦੋਂ ਉਸ ਨੂੰ ਆਪਣੇ ਪਿਤਾ ਦਾ ਨਾਂ ਦੱਸਿਆ ਤਾਂ ਉਸ ਨੇ ਉਨ੍ਹਾਂ ਦਾ 1947 ਤੋਂ ਪਹਿਲਾਂ ਵਾਲਾ ਘਰ ਵਿਖਾਇਆ, ਜਿੱਥੇ ਉਸ ਦੇ ਮਾਤਾ-ਪਿਤਾ ਰਹਿੰਦੇ ਸਨ। ਜਿਵੇਂ ਹੀ ਪਿੰਡ ਵਿਚ ਲੋਕਾਂ ਨੂੰ ਪਤਾ ਲੱਗਾ ਤਾਂ ਲੋਕਾਂ ਤੋਂ ਬਹੁਤ ਮਾਣ-ਸਨਮਾਨ ਮਿਲਿਆ। ਇਸੇ ਤਰ੍ਹਾਂ ਪੂਰਨ ਸਿੰਘ ਵਾਸੀ ਪਿੰਡ ਜੰਡ ਵੰਡ ਦੇ 77 ਸਾਲਾਂ ਬਾਅਦ ਆਪਣੇ ਪਿੰਡ ਕੋਟ ਦੇਸਰਾਜ ਵਿਖੇ ਗਏ ਤੇ ਆਪਣੀ ਜਨਮਭੂਮੀ ਨੂੰ ਨਤਮਸਤਕ ਹੋਏ। ਉਨ੍ਹਾਂ ਨੇ ਪਿੰਡ ਵਿਚ ਆਪਣੇ ਹਾਣੀਆਂ ਨੂੰ ਮਿਲ ਕੇ ਉਨ੍ਹਾਂ ਨਾਲ ਯਾਦਾਂ ਤਾਜ਼ੀਆਂ ਕੀਤੀਆਂ। ਬਲਜੀਤ ਕੌਰ ਨੇ ਦੱਸਿਆ ਕਿ ਗੁਰਧਾਮਾਂ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

Leave a comment