#PUNJAB

ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ

-15 ਨਵੰਬਰ 2023 ਤੱਕ ਹੋਵੇਗੀ ਵੋਟਾਂ ਦੀ ਰਜਿਸਟਰੇਸ਼ਨ
ਅੰਮ੍ਰਿਤਸਰ, 23 ਅਕਤੂਬਰ (ਦਲਜੀਤ ਕੌਰ/ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਂਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ 15 ਨਵੰਬਰ 2023 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ 5 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਣੀ ਹੈ। 21 ਸਾਲ ਜਾਂ 21 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਕੇਸਾਧਾਰੀ ਸਿੱਖ, ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ, ਸ਼ੇਵ ਨਾ ਕਰਦਾ ਹੋਵੇ, ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ, ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਿਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ: 1 (ਕੇਸਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿਚ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਸਬੰਧਿਤ ਉਪ ਮੰਡਲ ਮੈਜਿਸਟਰੇਟ ਵਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਸ਼ਨਾਖਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਂਵਲੀ 1959 ਅਧੀਨ ਗੁਰਦੁਆਰਾ ਦੀ ਵੋਟਰ ਸੂਚੀ ਵਿਚ ਵੋਟ ਬਣਾਉਣ ਲਈ ਨਿਯੁਕਤ ਕੀਤੇ ਕਰਮਚਾਰੀ ਨੂੰ ਆਪਣਾ ਫਾਰਮ ਨੰ: 1 ਭਰਕੇ ਮਿੱਥੇ ਸਮੇਂ ਵਿਚ ਦਿੱਤਾ ਜਾਵੇ, ਤਾਂ ਜੋ ਗੁਰਦੁਆਰਾ ਵੋਟਰ ਸੂਚੀ ਵਿਚ ਵੋਟ ਦਰਜ ਹੋ ਸਕੇ।

Leave a comment