ਗੁਰਦੁਆਰਾ ਸਾਹਿਬ ਮਿਲਪੀਟਸ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ

46
Share

ਮਿਲਪੀਟਸ, 17 ਅਗਸਤ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਸਮੂਹ ਸੰਗਤਾਂ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ ਗਿਆ। ਦੀਵਾਨ ਦੀ ਆਰੰਭਤਾ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਲੜੀਵਾਰ ਆਸਾ ਦੀ ਵਾਰ ਦੇ ਅਰਥਾਂ ਸਮੇਤ ਪਾਠ ਨਾਲ ਹੋਈ। ਉਪਰੰਤ ਗੁਰੂ ਘਰ ਦੇ ਹਜ਼ੂਰੀ ਜਥੇ ਵੱਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਸਰਵਣ ਕਰਵਾਏ ਗਏ।
ਇਸ ਮੌਕੇ ਭਾਈ ਕੁਲਵੀਰ ਸਿੰਘ ਬੜਾ ਪਿੰਡ ਜੀ ਦੇ ਮਾਤਾ ਕਰਮ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਸੁਲਤਾਨ ਵਿੰਢ ਦੇ ਪਿਤਾ ਦਾਰਾ ਸਿੰਘ ਦੀ ਯਾਦ ਵਿਚ ਬੁਲਾਰਿਆਂ ਵੱਲੋਂ ਆਪਣੇ-ਆਪਣੇ ਵਿਚਾਰ ਸਾਧ-ਸੰਗਤ ਨਾਲ ਸਾਂਝੇ ਕੀਤੇ ਗਏ। ਸਿੱਖ ਕਾਕਸ ਦੇ ਬਾਨੀ ਡਾ. ਪਿ੍ਰਤਪਾਲ ਸਿੰਘ ਵਲੋਂ ਉਨ੍ਹਾਂ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੇ ਖਾਲਿਸਤਾਨੀ ਸੰਘਰਸ਼ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਹੀਦੀਆਂ ਪ੍ਰਾਪਤ ਕੀਤੀਆਂ। ਅਮਰੀਕਨ ਗੁਰਦੁਆਰਾ ਪ੍ਰਬਧਕ ਕਮੇਟੀ ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਵੱਲੋਂ ਆਪਣੇ ਸੰਬੋਧਨ ਵਿਚ ਅਣਗੌਲੇ ਸ਼ਹੀਦਾਂ ਦੀ ਯਾਦ ਤਾਜ਼ਾ ਕੀਤੀ ਗਈ ਕਿ ਕਿਸ ਤਰ੍ਹਾਂ ਕੌਮ ਪਿਛਲੇ ਸਮੇਂ ਵਿਚ ਇਨ੍ਹਾਂ ਪਰਿਵਾਰਾਂ ਨਾਲ ਖੜ੍ਹੀ ਹੋਈ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡਾ ਬੇਸ਼ਕੀਮਤੀ ਸਰਮਾਇਆ ਹਨ। ਅੰਤ ਵਿਚ ਭਾਈ ਦਰਸ਼ਨ ਸਿੰਘ ਬੱਬੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤੇ।

Share