ਅੰਮ੍ਰਿਤਸਰ, 30 ਜੁਲਾਈ (ਪੰਜਾਬ ਮੇਲ)- ਗੁਰਦੁਆਰਿਆਂ ‘ਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਫ਼ੈਸਲਾ ਕੀਤਾ ਜਾਵੇਗਾ। ਉਸ ਤੋਂ ਬਾਅਦ ਸਮੂਹ ਗੁਰਦੁਆਰਿਆਂ ਵਿਚ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਵਿਚ ਦੱਸੇ ਗਏ ਰੰਗਾਂ ਦੇ ਮੁਤਾਬਕ ਹੀ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਤੈਅ ਹੋਵੇਗਾ। ਇਸ ਸਬੰਧੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸਿੱਖ ਰਹਿਤ ਮਰਿਆਦਾ ਵਿਚ ਦੱਸੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਮੁਤਾਬਕ ਹੀ ਗੁਰਦੁਆਰਿਆਂ ਵਿਚ ਨਿਸ਼ਾਨ ਸਾਹਿਬ ਦਾ ਰੰਗ ਹੋਵੇ। ਰਹਿਤ ਮਰਿਆਦਾ ਦੇ ਮੁਤਾਬਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਖਾਲਸਾਈ ਅਤੇ ਸੁਰਮਈ ਦੱਸਿਆ ਗਿਆ ਹੈ ਪਰ ਅੱਜ-ਕੱਲ੍ਹ ਰੰਗਾਂ ਵਿਚ ਵੱਡੇ ਵਖਰੇਵੇਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਨੂੰ ਜਲਦੀ ਹੀ ਵਿਚਾਰਿਆ ਜਾਵੇਗਾ।