ਨਿਊਯਾਰਕ, 19 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਨਿਊਯਾਰਕ ਅਮਰੀਕਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਨਿਖਿਲ ਗੁਪਤਾ ਨੇ ਖੁਦ ਨੂੰ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਨੂੰ ਨਹੀ ਮੰਨਿਆ। ਅਦਾਲਤ ਨੇ ਉਸ ਨੂੰ 28 ਜੂਨ ਤੱਕ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੱਤੇ ਹਨ। ਭਾਰਤੀ ਨਾਗਰਿਕ ਨਿਖਿਲ ਗੁਪਤਾ (52) ਸਾਲ ਨੂੰ ਸ਼ੁੱਕਰਵਾਰ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਵਿਖੇ ਲਿਆਂਦਾ ਗਿਆ ਸੀ ਅਤੇ ਉਸ ਨੂੰ ਅਮਰੀਕੀ ਸਰਕਾਰ ਦੀ ਬੇਨਤੀ ‘ਤੇ ਪਿਛਲੇ ਸਾਲ ਚੈੱਕ ਗਣਰਾਜ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਨਿਖਿਲ ਗੁਪਤਾ ਦੇ ਵਕੀਲ ਨੇ ਕਿਹਾ, ‘ਉਸ ਦੇ ਮੁਵੱਕਿਲ ਨੂੰ ਬੀਤੇ ਦਿਨੀਂ ਸੋਮਵਾਰ ਨੂੰ ਨਿਊਯਾਰਕ ਦੀ ਸੰਘੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੇ (ਨਿਖਿਲ ਗੁਪਤਾ) ਨੇ ਆਪਣਾ ਦੋਸ਼ ਨਹੀਂ ਮੰਨਿਆ। ਇਹ ਮੁੱਦਾ ਦੋਵਾਂ ਦੇਸ਼ਾਂ ਲਈ ਬਹੁਤ ਹੀ ਪੇਚੀਦਾ ਹੈ। ਨਿਖਿਲ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਉਸ ‘ਤੇ ਇਹ ਝੂਠਾ ਦੋਸ਼ ਲਗਾਇਆ ਗਿਆ ਹੈ। ਅਦਾਲਤ ਨੇ ਉਸ ਨੂੰ 28 ਜੂਨ ਤੱਕ ਰਿਮਾਂਡ ‘ਤੇ ਭੇਜਣ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਪਹਿਲਾਂ ਚੈੱਕ ਗਣਰਾਜ ਦੀ ਇਕ ਅਦਾਲਤ ਨੇ ਨਿਖਿਲ ਗੁਪਤਾ ਦੀ ਅਮਰੀਕਾ ਹਵਾਲਗੀ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਸੀ। ਹੁਣ ਨਿਊਯਾਰਕ ਦੀ ਅਦਾਲਤ ਨੇ ਨਿਖਿਲ ਗੁਪਤਾ ਨੂੰ 28 ਜੂਨ ਨੂੰ ਹੋਣ ਵਾਲੀ ਸੁਣਵਾਈ ਤੱਕ ਹਿਰਾਸਤ ਵਿਚ ਰੱਖਣ ਦਾ ਹੁਕਮ ਦਿੱਤਾ ਹੈ। ਉਸ ਦੇ ਵਕੀਲ ਨੇ ਉਸ ਦੀ ਜ਼ਮਾਨਤ ਲਈ ਅਰਜ਼ੀ ਨਹੀਂ ਦਿੱਤੀ।