#PUNJAB

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਗ੍ਰਿਫਤਾਰ

ਚੰਡੀਗੜ੍ਹ, 30 ਦਸੰਬਰ (ਪੰਜਾਬ ਮੇਲ)- ਗੈਰ-ਕਾਨੂੰਨੀ ਮਾਈਨਿੰਗ ਅਤੇ ਸਰਕਾਰੀ ਅਧਿਕਾਰੀਆਂ ਨਾਲ ਝਗੜੇ ਦੇ ਮਾਮਲੇ ‘ਚ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਸਿਲ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਨੇ ਮੌਕੇ ਤੋਂ ਇੱਕ ਟਿੱਪਰ ਅਤੇ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਹੈ। ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਇੱਥੋਂ ਦੀ ਭੋਆ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ।
ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਕੀੜੀ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਮਾਈਨਿੰਗ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪੁੱਜੇ ਤਾਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਿੰਘ ਪਹਿਲਾਂ ਹੀ ਉਥੇ ਮੌਜੂਦ ਸਨ। ਜਿਵੇਂ ਹੀ ਸਰਕਾਰੀ ਅਧਿਕਾਰੀ ਉਥੇ ਪੁੱਜੇ ਤਾਂ ਜੋਗਿੰਦਰ ਪਾਲ ਸਿੰਘ ਦਾ ਉਨ੍ਹਾਂ ਨਾਲ ਝਗੜਾ ਹੋ ਗਿਆ।
ਇਸ ਤੋਂ ਬਾਅਦ ਮਾਈਨਿੰਗ ਅਧਿਕਾਰੀਆਂ ਨੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੀ ਸੂਚਨਾ ਸਥਾਨਕ ਪਠਾਨਕੋਟ ਪੁਲਿਸ ਨੂੰ ਦਿੱਤੀ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ।