ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਦਾਅਵਾ ਗਲਤ ਕਰਾਰ ਹੁੰਦਿਆਂ ਦੇਖ ਵਿਰੋਧੀਆਂ ਨੇ ਸਾਧੇ ਨਿਸ਼ਾਨੇ

42

– ‘ਆਪ’ ਆਗੂਆਂ ਅਤੇ ਡੀ.ਜੀ.ਪੀ. ਨੇ ਵੀ ਚੁੱਪੀ ਧਾਰੀ
ਚੰਡੀਗੜ੍ਹ, 7 ਦਸੰਬਰ (ਪੰਜਾਬ ਮੇਲ)-ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਦਾ ਦਾਅਵਾ ਗ਼ਲਤ ਕਰਾਰ ਹੁੰਦਿਆਂ ਦੇਖ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀਆਂ ਹਨ, ਉੱਥੇ ਸੂਬੇ ਦੇ ‘ਆਪ’ ਆਗੂ ਇਸ ਮਾਮਲੇ ‘ਚ ਚੁੱਪ ਧਾਰੀ ਬੈਠੇ ਦਿਖਾਈ ਦੇ ਰਹੇ ਹਨ। ਡੀ.ਜੀ.ਪੀ ਗੌਰਵ ਯਾਦਵ ਨੇ ਵੀ ਚੁੱਪ ਧਾਰੀ ਹੋਈ ਹੈ। ਉਨ੍ਹਾਂ ਦੀ ਵੀ ਇਸ ਮਾਮਲੇ ਵਿਚ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਸੋਸ਼ਲ ਮੀਡੀਆ ‘ਤੇ ਵੀ ਇਸ ਗੱਲ ਦੀ ਜ਼ੋਰਾਂ ‘ਤੇ ਚਰਚਾ ਚੱਲ ਰਹੀ ਹੈ ਕਿ ਮੁੱਖ ਮੰਤਰੀ ਜਾਂ ਡੀ.ਜੀ.ਪੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੋਲਡੀ ਬਰਾੜ ਦੀ ਮੌਜੂਦਾ ਸਥਿਤੀ ਕੀ ਹੈ। ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਕ ਮੁੱਖ ਮੰਤਰੀ ਨੂੰ ਅਜਿਹੇ ਝੂਠ ਬੋਲਣੇ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਨੂੰ ਕਿਸੇ ਠੋਸ ਆਧਾਰ ‘ਤੇ ਅਜਿਹਾ ਬੋਲਣਾ ਚਾਹੀਦਾ ਸੀ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਿਨਾਂ ਅਧਿਕਾਰਤ ਪੁਸ਼ਟੀ ਦੇ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਲੋਕਾਂ ਨੂੰ ਭਰਮਾਉਣ ਲਈ ਅਜਿਹਾ ਕੀਤਾ ਗਿਆ ਹੋ ਸਕਦਾ ਹੈ।