#PUNJAB

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੰਜਾਬ ‘ਚ ਵਧਾਈ ਗਈ ਸੁਰੱਖਿਆ

-ਡੀ.ਜੀ.ਪੀ. ਨੇ ਪੁਲਿਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਚੰਡੀਗੜ੍ਹ/ਜਲੰਧਰ, 31 ਮਈ (ਪੰਜਾਬ ਮੇਲ)- ਘੱਲੂਘਾਰਾ ਹਫ਼ਤੇ ਨੂੰ ਨੇੜੇ ਵੇਖਦੇ ਹੋਏ ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਹੈ। ਉੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਅਗਲੇ 10 ਦਿਨਾਂ ਤੱਕ ਸੂਬੇ ਭਰ ‘ਚ ਸੁਰੱਖਿਆ ਦੇ ਵਿਆਪਕ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਘੱਲੂਘਾਰਾ ਹਫ਼ਤਾ ਹਰ ਸਾਲ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਸਿਲਸਿਲੇ ‘ਚ ਮਨਾਇਆ ਜਾਂਦਾ ਹੈ। ਵਰਣਨਯੋਗ ਹੈ ਕਿ ਪੰਜਾਬ ਵਿਚ 1 ਤੋਂ 6 ਜੂਨ ਦੇ ਵਿਚਕਾਰ ਘੱਲੂਘਾਰਾ ਹਫ਼ਤਾ ਆਉਂਦਾ ਹੈ। ਇਸ ਨੂੰ ਵੇਖਦੇ ਹੋਏ ਡੀ.ਜੀ.ਪੀ. ਗੌਰਵ ਯਾਦਵ ਨੇ ਫੀਲਡ ‘ਚ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਮੁਸ਼ਤੈਦ ਰਹਿਣ ਅਤੇ ਆਪੋ-ਆਪਣੇ ਖੇਤਰਾਂ ‘ਚ ਚੌਕਸੀ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਘੱਲੂਘਾਰਾ ਹਫ਼ਤੇ ਸਬੰਧੀ ਕੁਝ ਸਿੱਖ ਸੰਗਠਨਾਂ ਵਲੋਂ ਹਰ ਸਾਲ ਅੰਮ੍ਰਿਤਸਰ ‘ਚ ਖਾਸ ਤੌਰ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਲੋਂ ਖਾਸ ਤੌਰ ‘ਤੇ ਕਦਮ ਚੁੱਕੇ ਜਾਂਦੇ ਹਨ ਕਿਉਂਕਿ ਅਜਿਹੇ ਸੰਵੇਦਨਸ਼ੀਲ ਸਮੇਂ ‘ਚ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਦੇਸ਼ ਦੀਆਂ ਸਰਗਰਮੀਆਂ ਵੀ ਤੇਜ਼ ਹੋ ਜਾਂਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੂਬੇ ਵਿਚ ਅਮਨ-ਸ਼ਾਂਤੀ ਨੂੰ ਬਣਾ ਕੇ ਰੱਖਣ ਦੀਆਂ ਹਦਾਇਤਾਂ ਸੂਬਾ ਪੁਲਿਸ ਨੂੰ ਦੇ ਚੁੱਕੇ ਹਨ।
ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਸੁਰੱਖਿਆ ਵਿਵਸਥਾ ਨੂੰ ਸਖ਼ਤ ਕੀਤਾ ਗਿਆ ਹੈ ਅਤੇ ਚੈਕਿੰਗ ਵਧਾਈ ਗਈ ਹੈ। ਸੂਬੇ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਸੰਵੇਦਨਸ਼ੀਲ ਸੰਸਥਾਵਾਂ ਦੇ ਆਸ-ਪਾਸ ਸੁਰੱਖਿਆ ਨੂੰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਦਾ ਮਕਸਦ ਦੇਸ਼ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਅਸਫਲ ਬਣਾਉਣਾ ਹੈ। ਪੁਲਿਸ ਅਧਿਕਾਰੀਆਂ ਨੂੰ ਫੀਲਡ ਵਿਚ ਜਾ ਕੇ ਕੰਮ ਕਰਨ ਲਈ ਕਿਹਾ ਗਿਆ ਹੈ।

Leave a comment