ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ 2004 ਤੋਂ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ। ਅਟਵਾਲ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਜਸਜੀਤ ਸਿੰਘ ਅਟਵਾਲ ਤੇ ਪੰਜਾਬ ਦੇ ਹੋਰ ਆਗੂ ਵੀ ਇੱਥੇ ਪਾਰਟੀ ਹੈੱਡਕੁਆਰਟਰ ਵਿਚ ਭਾਜਪਾ ‘ਚ ਸ਼ਾਮਲ ਹੋ ਗਏ। ਸਾਬਕਾ ਅਕਾਲੀ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਜੇ ਕੋਈ ਬਾਬਾ ਸਾਹਿਬ ਅੰਬੇਡਕਰ ਵੱਲੋਂ ਦਰਸਾਏ ਗਏ ਮਾਰਗ ‘ਤੇ ਸਹੀ ਅਰਥਾਂ ਵਿਚ ਚੱਲ ਰਿਹਾ ਹੈ, ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੈ। ਮੈਂ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਅਤੇ ਇਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋ ਰਿਹਾ ਹਾਂ।”
ਇਸ ਦੌਰਾਨ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮੋਦੀ ਦੀ ਸ਼ਲਾਘਾ ਕੀਤੀ ਅਤੇ ਇਸ ਫ਼ੈਸਲੇ ਨੂੰ ‘ਇਤਿਹਾਸਕ ਮੀਲ ਪੱਥਰ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦਲਿਤਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਵਿਚ ਵਿਕਾਸ ਦਾ ‘ਨਵਾਂ ਯੁੱਗ’ ਸ਼ੁਰੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, ”ਅਸੀਂ ਪਾਰਟੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਾਂਗੇ। ਅਸੀਂ ਸਿੱਖਾਂ ਸਮੇਤ ਹਰ ਧਰਮ ਅਤੇ ਭਾਈਚਾਰੇ ਨੂੰ ਨਾਲ ਲੈ ਕੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਦੀ ਕੋਸ਼ਿਸ਼ ਕਰਾਂਗੇ।”
ਅਟਵਾਲ ਅਤੇ ਹੋਰ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਪੁਰੀ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੇ ਮੋਦੀ ਦੀ ਅਗਵਾਈ ਹੇਠ ਤਰੱਕੀ ਦੇਖੀ ਹੈ। ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਅਟਵਾਲ ਵੱਲੋਂ ਦੇਸ਼ ਦੀ ਸਿਆਸਤ ਵਿਚ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।