ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ 8 ਮਈ ਨੂੰ ਕਰਾਉਣ ਦਾ ਫ਼ੈਸਲਾ

123
Share

ਅੰਮਿ੍ਰਤਸਰ, 18 ਅਪ੍ਰੈਲ (ਪੰਜਾਬ ਮੇਲ)- ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਖਾਲੀ ਹੋਏ ਅਹੁਦੇ ਵਾਸਤੇ ਸਥਾਈ ਪ੍ਰਧਾਨ ਨਿਯੁਕਤ ਕਰਨ ਲਈ ਸਿੱਖ ਸੰਸਥਾ ਵੱਲੋਂ 8 ਮਈ ਨੂੰ ਚੋਣ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸੰਸਥਾ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮੌਜੂਦਾ ਕਾਰਜਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤੀ। ਮੀਟਿੰਗ ਦਾ ਏਜੰਡਾ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਪੜ੍ਹਿਆ। ਉਨ੍ਹਾਂ ਦੱਸਿਆ ਕਿ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਦੇਹਾਂਤ ਕਾਰਨ ਪ੍ਰਧਾਨ ਦਾ ਅਹੁਦਾ ਖਾਲੀ ਹੋ ਗਿਆ ਹੈ, ਜਿਸ ਬਾਰੇ ਚੋਣ ਕਰਾਉਣ ਲਈ ਵਿਚਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਸੰਵਿਧਾਨ ਮੁਤਾਬਕ ਪ੍ਰਧਾਨ ਦਾ ਖਾਲੀ ਹੋਇਆ ਅਹੁਦਾ ਦੋ ਮਹੀਨੇ ਵਿਚ ਪੂਰਾ ਕਰਨਾ ਲਾਜ਼ਮੀ ਹੈ। ਇਸ ਤਹਿਤ ਹੀ ਪ੍ਰਧਾਨ ਦੀ ਚੋਣ ਕਰਾਉਣ ਲਈ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿਚ ਰਿਟਰਨਿੰਗ ਅਧਿਕਾਰੀਆਂ ਵਜੋਂ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਅਤੇ ਨਰਿੰਦਰ ਸਿੰਘ ਖੁਰਾਣਾ ਨੂੰ ਸ਼ਾਮਲ ਕੀਤਾ ਹੈ। ਇਸ ਕਮੇਟੀ ਨੂੰ ਪ੍ਰਧਾਨ ਦੀ ਚੋਣ ਕਰਾਉਣ ਵਾਸਤੇ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਵਿਚ ਪ੍ਰਧਾਨ ਦੀ ਚੋਣ 8 ਮਈ ਨੂੰ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਚੋਣ ਸਬੰਧੀ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਸੁਖਜਿੰਦਰ ਸਿੰਘ ਪਿ੍ਰੰਸ, ਹਰਜੀਤ ਸਿੰਘ, ਨਰਿੰਦਰ ਸਿੰਘ ਖੁਰਾਣਾ, ਪ੍ਰੋ. ਵਰਿਆਮ ਸਿੰਘ, ਜਸਪਾਲ ਸਿੰਘ ਢਿੱਲੋਂ, ਸੁਖਦੇਵ ਸਿੰਘ ਮੱਤੇਵਾਲ ਤੇ ਹੋਰ ਮੈਂਬਰ ਹਾਜ਼ਰ ਸਨ।

Share