#PUNJAB

ਚੋਣ ਕਮਿਸ਼ਨ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚਿਤਾਵਨੀ

-ਚੋਣ ਜ਼ਾਬਤੇ ਦੀ ਉਲੰਘਣਾ ‘ਚ ਪਾਇਆ ਕਸੂਰਵਾਰ
ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਸੰਸਦੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ‘ਤੇ ਚਿਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਚਿਤਾਵਨੀ ਦੇ ਚੁੱਕਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਉਸ ਵਕਤ ਚੋਣ ਕਮਿਸ਼ਨ ਦੇ ਨਿਸ਼ਾਨੇ ‘ਤੇ ਆ ਗਏ ਸਨ, ਜਦੋਂ ਉਨ੍ਹਾਂ ਨੇ ਪੁਣਛ ਵਿਚ ਹੋਏ ਦਹਿਸ਼ਤੀ ਹਮਲੇ ਬਾਰੇ ਟਿੱਪਣੀ ਕੀਤੀ ਸੀ। ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਭਵਿੱਖ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਤਾਕੀਦ ਕਰਦਿਆਂ ਅਜਿਹੀ ਉਲੰਘਣਾ ਤੋਂ ਬਚਣ ਦੀ ਸਲਾਹ ਦਿੱਤੀ ਹੈ।