#PUNJAB

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

-ਚੋਣਾਂ ਨੂੰ ਲੈ ਕੇ ਵਧਾਈ ਗਈ ਸਖ਼ਤੀ
ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਮੇਲ)- ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ 1686.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਵੱਖ-ਵੱਖ ਏਜੰਸੀਆਂ ਵੱਲੋਂ 16 ਮਾਰਚ ਤੋਂ 8 ਅਪ੍ਰੈਲ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿਚ ਚਲਾਈ ਮੁਹਿੰਮ ਦੌਰਾਨ ਇਹ ਸਫ਼ਲਤਾ ਮਿਲੀ ਹੈ। ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਐਕਸ਼ਨ ਮੋਡ ਵਿਚ ਹਨ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਸਰਗਰਮੀਆਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਚੋਣਾਂ ਦੌਰਾਨ ਪੈਸੇ ਅਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਏਜੰਸੀਆਂ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੂਬੇ ਵਿਚ ਵੱਖ-ਵੱਖ ਏਜੰਸੀਆਂ ਵੱਲੋਂ ਕੀਤੇ ਗਏ ਅਪਰੇਸ਼ਨਾਂ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿਚ 387.54 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਆਮਦਨ ਕਰ ਵਿਭਾਗ ਨੇ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤੀ ਗਈ ਨਕਦੀ ਦੇ ਮਾਮਲਿਆਂ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਜੰਸੀਆਂ ਵੱਲੋਂ 922.96 ਕਰੋੜ ਰੁਪਏ ਦੀ 1,467,001.67 (ਲੀਟਰ) ਦੀ ਸ਼ਰਾਬ ਜ਼ਬਤ ਕੀਤੀ ਗਈ ਹੈ। ਇਸ ਦੌਰਾਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ 6236.2 ਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ, ਜਿਸ ਦੀ ਕੀਮਤ 1510 ਕਰੋੜ ਰੁਪਏ ਹੈ। ਇਸੇ ਤਰ੍ਹਾਂ ਨਾਰੋਟਿਕਸ ਕੰਟਰੋਲ ਬਿਊਰੋ ਨੇ 1764 ਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ, ਜਿਸ ਦੀ ਕੀਮਤ 164.99 ਕਰੋੜ ਰੁਪਏ ਬਣਦੀ ਹੈ। ਰਾਜ ਪੁਲਿਸ ਵਿਭਾਗ ਨੇ 2367738.76 ਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਸ ਦੀ ਕੀਮਤ 10352.28 ਕਰੋੜ ਰੁਪਏ ਹੈ।