#PUNJAB

ਚੰਡੀਗੜ੍ਹ ‘ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

-ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹਰਿਆਣਾ ਸਰਕਾਰ ਦਾ ਪ੍ਰਸਤਾਵ ਰੱਦ
ਚੰਡੀਗੜ੍ਹ, 1 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸੂਬੇ ਦੇ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਵਿਰੋਧ ਰੰਗ ਲਿਆਇਆ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਰੋਹ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਦੀ ਇਮਾਰਤ ਉਸਾਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਦੀ ਉਸਾਰੀ ਨਹੀਂ ਹੋਵੇਗੀ।
ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਾਲ ਹੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਚੰਡੀਗੜ੍ਹ ਵਿਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਇਮਾਰਤ ਬਣਾਉਣ ਦਾ ਮੁੱਦਾ ਜ਼ੋਰ ਨਾਲ ਚੁੱਕਿਆ ਸੀ। ਇਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਸਰਕਾਰ ਨੂੰ ਵੱਖਰੀ ਵਿਧਾਨ ਸਭਾ ਦਾ ਮੁੱਦਾ ਚੰਡੀਗੜ੍ਹ ਪ੍ਰਸ਼ਾਸਨ ਕੋਲ ਨਾ ਚੁੱਕਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਹੀ ਯੂ.ਟੀ. ਮਾਸਟਰ ਪਲਾਨ-2031 ਵਿਚ ਅਜਿਹੀ ਕੋਈ ਵਿਵਸਥਾ ਨਾ ਹੋਣ ਦਾ ਹਵਾਲਾ ਦਿੰਦਿਆਂ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਜ਼ਮੀਨ ਦੀ ਅਦਲਾ-ਬਦਲੀ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ।
ਹਰਿਆਣਾ ਵਿਚ ਨਵੀਂ ਹੱਦਬੰਦੀ ਕਾਰਨ ਵਿਧਾਨ ਸਭਾ ਹਲਕਿਆਂ ਦੀ ਗਿਣਤੀ 90 ਤੋਂ ਵੱਧ ਕੇ 126 ਹੋਣ ਦਾ ਅਨੁਮਾਨ ਹੈ, ਜਿਸ ਕਾਰਨ ਮੌਜੂਦਾ ਵਿਧਾਨ ਸਭਾ ਭਵਨ ਵਿਚ ਥਾਂ ਦੀ ਘਾਟ ਦਾ ਮਸਲਾ ਸਾਹਮਣੇ ਆ ਸਕਦਾ ਹੈ। ਇਸੇ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਸਾਲ 2022 ਦੇ ਸ਼ੁਰੂ ਵਿਚ ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਯੂ.ਟੀ. ਪ੍ਰਸ਼ਾਸਨ ਨੇ ਹਰਿਆਣਾ ਸਰਕਾਰ ਨੂੰ ਤਿੰਨ ਥਾਵਾਂ ਦੀ ਪੇਸ਼ਕਸ਼ ਕੀਤੀ ਸੀ, ਜਿਨ੍ਹਾਂ ਵਿਚ ਆਈ.ਟੀ. ਪਾਰਕ ਨੇੜੇ, ਮਨੀਮਾਜਰਾ ਵਿਚ ਕਲਾਗ੍ਰਾਮ ਦੇ ਨੇੜੇ ਅਤੇ ਰੇਲਵੇ ਲਾਈਟ ਪੁਆਇੰਟ ਤੋਂ ਆਈ.ਟੀ. ਪਾਰਕ ਜਾਣ ਵਾਲੀ ਸੜਕ ‘ਤੇ ਜ਼ਮੀਨ ਸ਼ਾਮਲ ਸੀ। ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੇਲਵੇ ਲਾਈਟ ਪੁਆਇੰਟ ਤੋਂ ਆਈ.ਟੀ. ਪਾਰਕ ਵਾਲੀ ਸੜਕ ‘ਤੇ 10 ਏਕੜ ਜ਼ਮੀਨ ਲੈਣ ਲਈ ਸਹਿਮਤੀ ਦੇ ਦਿੱਤੀ ਸੀ। ਇਸ ਬਦਲੇ ਹਰਿਆਣਾ ਸਰਕਾਰ ਵੱਲੋਂ ਯੂ.ਟੀ. ਪ੍ਰਸ਼ਾਸਨ ਨੂੰ ਪੰਚਕੂਲਾ ਦੇ ਸਕੇਤੜੀ ਵਿਚ 12 ਏਕੜ ਜ਼ਮੀਨ ਦਿੱਤੀ ਜਾ ਰਹੀ ਸੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਪ੍ਰਸਤਾਵ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਹਰਿਆਣਾ ਵੱਲੋਂ ਦਿੱਤੀ ਜਾਣ ਵਾਲੀ ਜ਼ਮੀਨ ਉਸਾਰੀ ਯੋਗ ਨਹੀਂ ਹੈ ਅਤੇ ਉੱਥੇ ਉਸਾਰੀ ਦੌਰਾਨ ਵਾਤਾਵਰਨ ਵਿਭਾਗ ਸਣੇ ਕਈ ਹੋਰ ਤਰ੍ਹਾਂ ਦੇ ਕਾਨੂੰਨੀ ਅੜਿੱਕੇ ਆ ਰਹੇ ਹਨ।
ਕੇਂਦਰ ਵੱਲੋਂ ਪਿਛਲੇ ਸਮੇਂ ਦੌਰਾਨ ਕਈ ਵਾਰ ਚੰਡੀਗੜ੍ਹ ਤੋਂ ਪੰਜਾਬ ਦੇ ਅਧਿਕਾਰਾਂ ‘ਤੇ ਖੋਰਾ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਹਰ ਵਾਰ ਸਖ਼ਤ ਵਿਰੋਧ ਹੋਇਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਸਰੂਪ ਬਦਲਣ ਲਈ ਸੈਨੇਟ ਦਾ ਆਕਾਰ 90 ਤੋਂ ਘਟਾ ਕੇ 31 ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਚੁਫੇਰਿਓਂ ਵਿਰੋਧ ਹੋਣ ਕਾਰਨ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਸੀ। ਇਸ ਤੋਂ ਬਾਅਦ ਕੇਂਦਰ ਨੇ ਸੰਵਿਧਾਨ ਵਿਚ 131ਵੀਂ ਸੋਧ ਕਰਕੇ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਵਿਚ ਸ਼ਾਮਲ ਕਰਨ ਲਈ ਸਰਦ ਰੁੱਤ ਇਜਲਾਸ ਦੌਰਾਨ ਬਿੱਲ ਲਿਆਉਣ ਦਾ ਮਨ ਬਣਾਇਆ ਸੀ ਪਰ ਪੰਜਾਬ ਵੱਲੋਂ ਕੀਤੇ ਗਏ ਤਿੱਖੇ ਵਿਰੋਧ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਜਿਹਾ ਕਰਨ ਤੋਂ ਵੀ ਪੈਰ ਪਿੱਛੇ ਖਿੱਚਣੇ ਪਏ।