ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ; ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਫ਼ੈਸਲਾ ਰੱਦ ਕਰਨ ਦੀ ਮੰਗ
ਚੰਡੀਗੜ੍ਹ, 21 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ ਦੋ ਮੰਗ ਪੱਤਰ ਸੌਂਪ ਕੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੰਜਾਬ ‘ਚ ਆਏ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਤੋਂ ਵਾਧੂ ਫੰਡ ਜਾਰੀ ਕਰਵਾਉਣ ਦੀ ਮੰਗ ਕੀਤੀ। ਵਫ਼ਦ ‘ਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਕੇ.ਪੀ. ਤੇ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਸਨ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ। ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ ਰਾਜਪਾਲ ਦਾ ਫਰਜ਼ ਹੈ। ਇਸ ਦੌਰਾਨ ਉਨ੍ਹਾਂ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਅਲਾਟ ਕੀਤੀ ਜ਼ਮੀਨ ਦਾ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਉਹ ਚੰਡੀਗੜ੍ਹ ਦਾ ਇਕ ਇੰਚ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦੇਣਗੇ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜੇਕਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਕਾਂਗਰਸ ਪਾਰਟੀ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਸੂਬਾ ਤੇ ਕੇਂਦਰ ਸਰਕਾਰ ਨਾਲ ਕਾਨੂੰਨੀ ਲੜਾਈ ਲੜੇਗੀ।
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਸੂਬੇ ‘ਚ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਫੰਡਾਂ ਦੀ ਵੰਡ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਬਾਕੀ ਸਾਲ ਦੇ ਬਜਟ ਖਰਚਿਆਂ ਬਾਰੇ ਚਰਚਾ ਕਰਨ ਲਈ ਐਮਰਜੈਂਸੀ ਬਜਟ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਦੇ ਲੋਕਾਂ ਨੂੰ ਸੰਕਟ ਦੀ ਸਥਿਤੀ ‘ਚੋਂ ਜਲਦੀ ਤੋਂ ਜਲਦੀ ਬਾਹਰ ਕੱਢਣ ਲਈ ਸੱਤਾਧਾਰੀ ਸਰਕਾਰ ਨੂੰ ਪੂਰੀ ਮਦਦ ਦੇਣ ਲਈ ਤਿਆਰ ਹੈ।