-ਸੂਚਨਾ ਦੇਣ ਵਾਲੇ ਨੂੰ 10 ਹਜ਼ਾਰ ਦੇਣ ਦਾ ਐਲਾਨ
ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਬੰਦੀ ਸਿੱਖਾਂ ਦੀ ਰਿਹਾਈ ਲਈ 8 ਫਰਵਰੀ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਹੋਏ ਪ੍ਰਦਰਸ਼ਨ ਦੌਰਾਨ ਹੋਈ ਝੜਪ ਤੋਂ ਬਾਅਦ ਯੂਟੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਯੂਟੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਬਾਰੇ ਜਾਣਕਾਰੀ ਦੇਣ ਲਈ ਈਮੇਲ [email protected] ਜਾਂ ਵਟਸਐਪ ਨੰਬਰ 98759-84001 ਜਾਰੀ ਕੀਤਾ ਹੈ। ਸੈਕਟਰ-36 ਥਾਣੇ ਨੇ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਨੇ 10 ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਵਿਚੋਂ 3 ਦੇ ਨਾਂ ਹਰਦੀਪ ਸਿੰਘ ਬਰਾੜ, ਹਰਮਨਦੀਪ ਸਿੰਘ ਤੂਫਾਨ ਅਤੇ ਸਤਵੰਤ ਸਿੰਘ ਸੰਧੂ ਲੁਧਿਆਣਾ ਦੇ ਹਨ। ਇਸ ਹਿੰਸਕ ਪ੍ਰਦਰਸ਼ਨ ‘ਚ ਚੰਡੀਗੜ੍ਹ ਪੁਲਿਸ ਦੇ ਕਈ ਮੁਲਾਜ਼ਮ ਜ਼ਖਮੀ ਹੋ ਗਏ ਸਨ। ਪ੍ਰਦਰਸ਼ਨਕਾਰੀਆਂ ਨੇ ਕਈ ਸਰਕਾਰੀ ਗੱਡੀਆਂ ਦੀ ਭੰਨ-ਤੋੜ ਕੀਤੀ।