ਚੰਡੀਗੜ੍ਹ, 26 ਜੁਲਾਈ (ਪੰਜਾਬ ਮੇਲ)- ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਜੋੜ-ਤੋੜ ਦੀ ਸਿਆਸਤ ਸ਼ੁਰੂ ਹੋ ਗਈ ਹੈ। ਅੱਜ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਵਾਰਡ ਨੰਬਰ 29 ਤੋਂ ‘ਆਪ’ ਕੌਂਸਲਰ ਮੁਨੱਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਕਾਂਗਰਸ ਪ੍ਰਧਾਨ ਵੱਲੋਂ ਨਿੱਘਾ ਸਵਾਗਤ
ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਮੁਨੱਵਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਿਆ। ਐੱਚਐੱਸ ਲੱਕੀ ਨੇ ਭਰੋਸਾ ਜਤਾਇਆ ਕਿ ਇਨ੍ਹਾਂ ਸਾਰਿਆਂ ਦਾ ਤਜਰਬਾ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਕਾਂਗਰਸ ਸੰਗਠਨ ਨੂੰ ਨਵੀਂ ਊਰਜਾ ਦੇਵੇਗਾ ਅਤੇ ਸ਼ਹਿਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਇਸ ਮੌਕੇ ਕਾਂਗਰਸ ਦੇ ਕਈ ਕੌਂਸਲਰ, ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕ ਮੌਜੂਦ ਸਨ।

