#PUNJAB

ਜਨਵਰੀ 2024 ’ਚ ਹੋਣਗੀਆਂ ਪੰਜਾਬ ਦੀਆਂ ਨਗਰ ਨਿਗਮ ਚੋਣਾਂ!

– ਪੰਜਾਬ ’ਚ ਹੋਣੀਆਂ ਨੇ ਜਲੰਧਰ, ਅੰਮਿ੍ਰਤਸਰ, ਲੁਧਿਆਣਾ, ਪਟਿਆਲਾ ਤੇ ਬਠਿੰਡਾ ਨਗਰ ਨਿਗਮਾਂ ਚੋਣਾਂ
-ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਹਨ ਪੰਜਾਬ ਦੀਆਂ ਇਹ ਚੋਣਾਂ
ਜਲੰਧਰ, 14 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ 7 ਜਨਵਰੀ, 2024 ਨੂੰ ਨਗਰ ਨਿਗਮ ਚੋਣਾਂ ਕਰਵਾ ਸਕਦੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੀ ਆਪਣੀਆਂ ਤਿਆਰੀਆਂ ਕਰ ਰਹੀ ਹੈ। ਨਿਗਮ ਚੋਣਾਂ ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਲੋਕਲ ਬਾਡੀਜ਼ ਵਿਭਾਗ ਨੇ ਨਿਗਮ ਚੋਣਾਂ ਕਰਵਾਉਣ ਸਬੰਧੀ 2-3 ਵਾਰ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਭੇਜਿਆ ਸੀ ਪਰ ਬਾਅਦ ਵਿਚ ਚੋਣਾਂ ਮੁੜ ਮੁਲਤਵੀ ਕਰ ਦਿੱਤੀਆਂ ਗਈਆਂ। ਇਸ ਦਾ ਇਕ ਕਾਰਨ ਇਹ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਹੋਰਨਾਂ ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵੱਲ ਸੀ। ਵਿਧਾਨ ਸਭਾ ਚੋਣਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣੇ ਹਨ, ਇਸ ਲਈ ਨਿਗਮ ਚੋਣਾਂ ਜਨਵਰੀ ਵਿਚ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੀ ਹੁਣੇ ਜਿਹੇ ਹੀ ਚੰਡੀਗੜ੍ਹ ਵਿਚ ਇਕ ਮੀਟਿੰਗ ਹੋਈ ਸੀ, ਜਿਸ ਵਿਚ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਸ਼ਿਰਕਤ ਕੀਤੀ ਸੀ। ਇਸ ਮੀਟਿੰਗ ਵਿਚ ਵੀ ਪਾਰਟੀ ਆਗੂਆਂ ਨੂੰ ਇਹੀ ਸੰਕੇਤ ਦਿੱਤਾ ਗਿਆ ਸੀ ਕਿ ਉਹ ਜਨਵਰੀ ਵਿਚ ਹੋਣ ਵਾਲੀਆਂ ਨਿਗਮ ਚੋਣਾਂ ਲਈ ਤਿਆਰ ਰਹਿਣ। ਸਰਕਾਰੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ‘ਆਪ’ ਸਰਕਾਰ 7 ਜਨਵਰੀ ਦਿਨ ਐਤਵਾਰ ਨੂੰ ਨਿਗਮ ਚੋਣਾਂ ਕਰਵਾਉਣ ਲਈ ਪੂਰੀ ਤਿਆਰੀ ਕਰ ਰਹੀ ਹੈ। ਜੇ 3 ਦਸੰਬਰ ਨੂੰ ਵਿਧਾਨ ਸਭਾ ਚੋਣਾਂ ਦੇ ਨਿਕਲਣ ਵਾਲੇ ਨਤੀਜੇ ਆਮ ਆਦਮੀ ਪਾਰਟੀ ਲਈ ਅਨੁਕੂਲ ਰਹੇ, ਤਾਂ ਉਸ ਹਾਲਤ ਵਿਚ ਨਿਗਮ ਚੋਣਾਂ 7 ਜਨਵਰੀ ਨੂੰ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਸੋਚ ਇਹ ਵੀ ਹੈ ਕਿ ਨਿਗਮ ਚੋਣਾਂ ਜਿੱਤਣ ਤੋਂ ਬਾਅਦ ਹੀ ਲੋਕ ਸਭਾ ਦੀਆਂ ਚੋਣਾਂ ਲਈ ਮੈਦਾਨ ’ਚ ਉਤਰਿਆ ਜਾਏ। ਇਸ ਨਾਲ ਆਮ ਆਦਮੀ ਪਾਰਟੀ ਨੂੰ ਮਨੋਵਿਗਿਆਨਕ ਪੱਖੋਂ ਹੱਲਾਸ਼ੇਰੀ ਮਿਲੇਗੀ।
ਲੋਕ ਸਭਾ ਦੀਆਂ ਆਮ ਚੋਣਾਂ ਅਪ੍ਰੈਲ ਦੇ ਸ਼ੁਰੂ ਵਿਚ ਹੋਣਗੀਆਂ। ਤਰੀਕਾਂ ਦਾ ਐਲਾਨ ਮੁੱਖ ਚੋਣ ਕਮਿਸ਼ਨ ਵੱਲੋਂ ਮਾਰਚ ਮਹੀਨੇ ਵਿਚ ਕੀਤਾ ਜਾਵੇਗਾ। ਇਸ ਲਈ ਆਮ ਆਦਮੀ ਪਾਰਟੀ ਨੂੰ ਨਿਗਮ ਚੋਣਾਂ ਲਈ ਜਨਵਰੀ ਦਾ ਮਹੀਨਾ ਢੁਕਵਾਂ ਲੱਗ ਰਿਹਾ ਹੈ। ਫਿਲਹਾਲ ਸਰਕਾਰ ਨੇ ਨਿਗਮਾਂ ਦੀ ਕਮਾਨ ਕਮਿਸ਼ਨਰਾਂ ਨੂੰ ਸੌਂਪ ਦਿੱਤੀ ਹੈ। ਸ਼ਹਿਰਾਂ ਵਿਚ ਸੜਕਾਂ ਬਣਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅਗਲੇ ਇੱਕ ਮਹੀਨੇ ਵਿਚ ਇਨ੍ਹਾਂ ਕੰਮਾਂ ਵਿਚ ਰਫ਼ਤਾਰ ਆ ਸਕਦੀ ਹੈ। ਪੰਜਾਬ ’ਚ ਜਲੰਧਰ, ਅੰਮਿ੍ਰਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਇਹ ਚੋਣਾਂ ਨਾ ਸਿਰਫ਼ ਆਮ ਆਦਮੀ ਪਾਰਟੀ ਸਗੋਂ ਵਿਰੋਧੀ ਪਾਰਟੀਆਂ ਲਈ ਵੀ ਵੱਕਾਰ ਦਾ ਸਵਾਲ ਹੋਣਗੀਆਂ।