ਜਬਰ-ਜਨਾਹ ਮਾਮਲਾ: ਅਦਾਲਤ ਨੇ ਸਿਮਰਜੀਤ ਬੈਂਸ ਦੇ ਭਰਾ ਨੂੰ ਦਿੱਤੀ ਜ਼ਮਾਨਤ

60
Share

ਲੁਧਿਆਣਾ, 13 ਅਗਸਤ (ਪੰਜਾਬ ਮੇਲ)- ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਪਰਮਜੀਤ ਸਿੰਘ ਬੈਂਸ ਨੂੰ ਵੱਡੀ ਰਾਹਤ ਦਿੰਦੇ ਹੋਏ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਵਧੀਕ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ।
ਅਦਾਲਤ ’ਚ ਮੁਲਜ਼ਮ ਦੇ ਵਕੀਲ ਨੇ ਕਿਹਾ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਮਾਮਲੇ ’ਚ ਘੜੀਸਿਆ ਗਿਆ ਹੈ ਅਤੇ ਉਸ ’ਤੇ ਲਾਏ ਸਾਰੇ ਦੋਸ਼ ਝੂਠੇ ਹਨ। ਜ਼ਿਕਰਯੋਗ ਹੈ ਕਿ ਵਿਧਾਇਕ ਬੈਂਸ ਸਮੇਤ ਹੋਰਨਾਂ ਨੇ ਬੀਤੀ 11 ਜੁਲਾਈ ਨੂੰ ਅਦਾਲਤ ’ਚ ਆਤਮ-ਸਮਰਪਣ ਕੀਤਾ ਸੀ ਅਤੇ ਅਦਾਲਤ ਨੇ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਸੀ।
ਇਹ ਵੀ ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਦੀ ਸ਼ਿਕਾਇਤ ’ਤੇ ਉਸ ਨਾਲ ਜਬਰ-ਜਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਤਹਿਤ ਕੀਤੀ ਗਈ ਸ਼ਿਕਾਇਤ ਕਾਰਨ ਪੁਲਿਸ ਥਾਣਾ ਡਵੀਜ਼ਨ ਨੰਬਰ-6 ਵੱਲੋਂ ਅਦਾਲਤ ਦੇ ਹੁਕਮਾਂ ’ਤੇ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਔਰਤ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ.ਆਈ.ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ, ਜਿਨ੍ਹਾਂ ਖ਼ਿਲਾਫ਼ ਵੀ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

Share