ਜਬਰ-ਜ਼ਨਾਹ ਮਾਮਲੇ ’ਚ ਵਿਧਾਇਕ ਬੈਂਸ ਨੂੰ ਸੁਪਰੀਮ ਕੋਰਟ ਤੋਂ ਰਾਹਤ, ਇਕ ਹਫ਼ਤੇ ਲਈ ਗਿ੍ਰਫ਼ਤਾਰੀ ’ਤੇ ਰੋਕ

165
Share

ਲੁਧਿਆਣਾ, 3 ਫਰਵਰੀ (ਪੰਜਾਬ ਮੇਲ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਨਾਹ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਇੱਕ ਵਾਰ ਫਿਰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਨੂੰ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਹਫ਼ਤੇ ਤੱਕ ਗਿ੍ਰਫ਼ਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਐੱਨ.ਵੀ. ਰਮੰਨਾ, ਜਸਟਿਸ ਏ.ਐੱਸ. ਬੋਪੰਨਾ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਬੈਂਸ ਦੀ ਤਰਫੋਂ ਫਾਈਲ ਪਟੀਸ਼ਨ ’ਤੇ ਜਵਾਬ ਦਾਖਲ ਕਰਨ ਲਈ ਕਿਹਾ ਹੈ। ਬੈਂਸ ਨੇ ਲੁਧਿਆਣਾ ਦੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਜਬਰ-ਜ਼ਨਾਹ ਮਾਮਲੇ ’ਚ ਅਦਾਲਤ ’ਚ ਪੇਸ਼ ਨਾ ਹੋਣ ’ਤੇ ਉਸ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੈਸ਼ਨ ਜੱਜ ਮੁਨੀਸ਼ ਸਿੰਗਲ ਨੇ ਵੀ ਕੇਸ ਨੂੰ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਦਰਅਸਲ ਜਬਰ-ਜ਼ਨਾਹ ਮਾਮਲੇ ’ਚ ਵਿਧਾਇਕ ਬੈਂਸ ਦੇ ਵਕੀਲ ਨੇ ਗਿ੍ਰਫਤਾਰੀ ਵਾਰੰਟ ਵਾਪਸ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਨੂੰ ਅਦਾਲਤ ਨੇ 24 ਦਸੰਬਰ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਜਦੋਂ ਮੁਲਜ਼ਮ ਕਦੇ ਪੇਸ਼ ਹੀ ਨਹੀਂ ਹੋਏ, ਤਾਂ ਅਜਿਹੀ ਅਰਜ਼ੀ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਉਸ ਦਿਨ ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਵਿਧਾਇਕ ਖ਼ਿਲਾਫ਼ ਇਸ਼ਤਿਹਾਰ ਜਾਰੀ ਕਰਨ ਅਤੇ ਸਬੰਧਤ ਪੁਲਿਸ ਮੁਲਾਜ਼ਮ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਸਨ। ਨਾਲ ਹੀ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ।

Share