ਜਲੰਧਰ ਉਪ ਚੋਣ: ਪਾਰਟੀ ਨਾਲ ਨਾਰਾਜ਼ ਆਗੂਆਂ ਨੂੰ ਮਨਾਉਣ ਲੱਗੇ ਸੁਖਬੀਰ ਬਾਦਲ

12
ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲਦੇ ਹੋਏ ਸੁਖਬੀਰ ਸਿੰਘ ਬਾਦਲ।

-ਪਾਰਟੀ ਆਗੂਆਂ ਦੀ ਲਾਈ ਡਿਊਟੀ; ਗੁਰੂ ਰਵਿਦਾਸ ਦੇ ਜਨਮ ਦਿਹਾੜੇ ‘ਤੇ ਅਕਾਲੀ ਆਗੂ ਜਾਣਗੇ ਬਨਾਰਸ
ਜਲੰਧਰ, 24 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਜਲੰਧਰ ਲੋਕ ਸਭਾ ਹਲਕੇ ਦੀ ਭਵਿੱਖ ਵਿੱਚ ਹੋਣ ਵਾਲੀ ਉੱਪ ਚੋਣ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਮਰਹੂਮ ਕਾਂਗਰਸ ਆਗੂ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਉਣ ਤੇ ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ‘ਤੇ ਜ਼ਿਆਦਾ ਜ਼ੋਰ ਦਿੱਤਾ। ਸ਼ਹਿਰ ਦੀ ਵੋਟ ਅਕਾਲੀ ਦਲ ਦੇ ਪੱਖ ਵਿਚ ਕਿਵੇਂ ਭੁਗਤੇ, ਇਸ ਦੀ ਰਣਨੀਤੀ ਤਿਆਰ ਕੀਤੀ ਜਾਵੇ। ਮੀਟਿੰਗ ‘ਚ ਜ਼ਿਆਦਾ ਸਮਾਂ ਉਪ ਚੋਣ ‘ਤੇ ਹੀ ਚਰਚਾ ਕੀਤੀ ਗਈ। ਪਾਰਟੀ ਆਗੂਆਂ ਨੇ ਕਿਹਾ ਕਿ ਭਾਵੇ ਪੰਜਾਬ ਵਿਚ ਬਸਪਾ ਨਾਲ ਚੋਣ ਸਮਝੌਤਾ ਕਾਇਮ ਹੈ ਪਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਦੀਆਂ ਵੋਟਾਂ ਅਕਾਲੀ ਦਲ ਨੂੰ ਨਹੀਂ ਪਈਆਂ। ਜਲੰਧਰ ਲੋਕ ਸਭਾ ਹਲਕੇ ਦੀ ਉੱਪ ਚੋਣ ਸਮੇਂ ਬਸਪਾ ਦੀਆਂ ਵੋਟਾਂ ਅਕਾਲੀ ਦਲ ਨੂੰ ਕਿਵੇਂ ਪੈਣ, ਇਸ ਦੀ ਰਣਨੀਤੀ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦੀ ਨਿਸ਼ਾਨਦੇਹੀ ਕਰਨ ਵਿਚ ਜੁੱਟ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਦੇ ਕਈ ਆਗੂ ਇਸ ਗੱਲ ਦੇ ਪੱਖ ਵਿਚ ਸਨ ਕਿ ਉੱਪ ਚੋਣ ਬਸਪਾ ਨੂੰ ਛੱਡ ਦਿੱਤੀ ਜਾਵੇ ਤੇ ਇੱਥੇ ਲੜਾਈ ਦਿਲਚਸਪ ਬਣਾਉਣ ਲਈ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੂੰ ਚੋਣ ਲੜਾਉਣ ਬਾਰੇ ਗੱਲ ਤੋਰੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਦੌਰਾਨ ਇਹ ਚਰਚਾ ਕੀਤੀ ਕਿ 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਮੌਕੇ ਕਾਸ਼ੀ ਜਾਇਆ ਜਾਵੇ।
ਸੁਖਬੀਰ ਸਿੰਘ ਬਾਦਲ ਨੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਅਚਾਨਕ ਹੋਏ ਦੇਹਾਂਤ ‘ਤੇ ਉਨ੍ਹਾਂ ਦੇ ਘਰ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ‘ਤੇ ਪੁੱਤਰ ਚੌਧਰੀ ਵਿਕਰਮਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿਚ ਚੌਧਰੀ ਸਾਹਿਬ ਨਾਲ ਹੁੰਦੀਆਂ ਮੁਲਾਕਾਤਾਂ ਨੂੰ ਯਾਦ ਕੀਤਾ।