ਜਲੰਧਰ ’ਚ ਭਾਜਪਾ ਸਮਾਗਮਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ’ਤੇ ਲਾਠੀਚਾਰਜ

488
Share

ਜਲੰਧਰ, 25 ਦਸੰਬਰ (ਪੰਜਾਬ ਮੇਲ)- ਇਥੇ ਭਾਜਪਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮਾਂ ਦਾ ਕਿਸਾਨਾਂ ਵੱਲੋਂ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸਖ਼ਤੀ ਵਰਤਦਿਆ ਲਾਠੀਚਾਰਜ ਕੀਤਾ। ਇਸੇ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਟਕਰਾਅ ਦੀ ਸਥਿਤ ਉਦੋਂ ਬਣ ਗਈ, ਜਦੋਂ ਕਿਸਾਨ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਸੀ ਤਾਂ ਪੁਲੀਸ ਵੱਲੋਂ ਲਾਏ ਗਏ ਬੈਰੀਕੇਡ ਤੋੜਦਿਆਂ ਜਦੋਂ ਕਿਸਾਨ ਅੱਗੇ ਵੱਧਣ ਲੱਗੇ ਤਾਂ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ। ਇਸੇ ਦੌਰਾਨ ਕਈ ਨੌਜਵਾਨ ਦੇ ਸੱਟਾਂ ਲੱਗੀਆਂ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਦੀ ਪੱਗ ਲਹਿ ਗਈ। ਰੋਹ ਵਿਚ ਆਏ ਕਿਸਾਨ ਆਗੂ ਕਸ਼ਮੀਰ ਸਿੰਘ ਨੇ ਕਿਹਾ ਕਿਸਾਨਾਂ ਦੀਆਂ ਪੱਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ’ਤੇ ਲਾਹੀਆਂ ਗਈਆਂ ਹਨ। ਇਸ ਘਟਨਾ ਵਿਚ ਜ਼ਖ਼ਮੀ ਸੁਖਵਿੰਦਰ ਸਿੰਘ ਉਰਫ ਦੀਪਾ ਨੇ ਦੋਸ਼ ਲਾਏ ਪੁਲਿਸ ਨੇ ਉਸ ਨੂੰ ਫੜ ਕੇ ਕੁੱਟਮਾਰ ਕੀਤੀ ਤੇ ਉਸ ਦੀ ਪੱਗ ਲਾਹੀ। ਕਿਸਾਨਾਂ ਤੇ ਮਜ਼ਦੂਰਾਂ ਨੇ ਅੱਜ ਭਾਜਪਾ ਆਗੂ ਤਿੰਨ ਥਾਵਾਂ ’ਤੇ ਕੀਤੇ ਜਾ ਰਹੇ ਸਮਾਗਮਾਂ ਨੂੰ ਰੁਕਵਾਉਣ ਲਈ ਵਿਰੋਧ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਪੁਲਿਸ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਡੀ.ਸੀ.ਪੀ. ਬਲਕਾਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਪੁਲਿਸ ਨੇ ਜੇ ਕੋਈ ਧੱਕਾ ਕੀਤਾ, ਉਹ ਜਾਣਬੁੱਝ ਕੇ ਨਹੀਂ ਕੀਤਾ।

Share