#PUNJAB

ਜਲੰਧਰ ਜ਼ਿਮਨੀ ਚੋਣ: ਨਾਮਜ਼ਦਗੀਆਂ ਦੀ ਪੜਤਾਲ ਮਗਰੋਂ ਮੈਦਾਨ ‘ਚ ਨਿੱਤਰੇ 19 ਉਮੀਦਵਾਰ

-24 ਅਪ੍ਰੈਲ ਨੂੰ ਵਾਪਸ ਲਈਆਂ ਜਾ ਸਕਣਗੀਆਂ ਨਾਮਜ਼ਦਗੀਆਂ

ਜਲੰਧਰ, 22 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੀ ਪੜਤਾਲ ਮੁਕੰਮਲ ਹੋਣ ਮਗਰੋਂ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਨਾਮਜ਼ਦਗੀਆਂ ਦੀ ਪੜਤਾਲ ਜਨਰਲ ਅਬਜ਼ਰਵਰ ਡਾ. ਪ੍ਰੀਤਮ ਬੀ. ਯਸ਼ਵੰਤ, ਡੀ.ਸੀ.-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਕੀਤੀ ਗਈ। ਡੀ.ਸੀ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 20 ਅਪ੍ਰੈਲ ਤੱਕ 31 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਹੁਣ ਕੁਲ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਇੰਦਰ ਇਕਬਾਲ ਸਿੰਘ, ‘ਆਪ’ ਵੱਲੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਕਰਮਜੀਤ ਕੌਰ, ਅਕਾਲੀ ਦਲ (ਅ) ਦੇ ਗੁਰਜੰਟ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ ਸ਼ਾਮ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

Leave a comment