ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੇ ਤਿਆਰੀ ਵਿੱਢੀ

13

ਚੰਡੀਗੜ੍ਹ, 24 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਵਿਚ ਹੋਣ ਵਾਲੀ ਸੰਸਦ ਮੈਂਬਰ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਚ ਸਾਰੇ ਵਿੰਗ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਤੋਂ ਇਲਾਵਾ ਪਾਰਟੀ ਦੇ ਪੰਜਾਬ ਸਕੱਤਰ ਡਾ. ਸਨੀ ਆਹਲੂਵਾਲੀਆ ਅਤੇ ਸ਼ਮਿੰਦਰ ਸਿੰਘ ਖਿੰਡਾ ਵੀ ਮੌਜੂਦ ਸਨ। ਮੀਟਿੰਗ ਵਿਚ ਬਰਸਟ ਨੇ ਸਾਰੇ ਵਿੰਗਾਂ ਦੇ ਪ੍ਰਧਾਨਾਂ ਨੂੰ ਸੂਬਾ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਲਾਗੂ ਕਰਵਾਉਣ ਲਈ ਉਤਸ਼ਾਹਿਤ ਕੀਤਾ। ‘ਆਪ’ ਦੇ ਸੂਬਾ ਜਨਰਲ ਸਕੱਤਰ ਨੇ ਜਲੰਧਰ ਜ਼ਿਮਨੀ ਚੋਣ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਵੀ ਵਿਚਾਰ-ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ‘ਆਪ’ ਜਲੰਧਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰੇਗੀ। ਉਨ੍ਹਾਂ ਸੂਬੇ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਨੂੰ ਆਪਣੇ ਪੱਧਰ ‘ਤੇ ਮੀਟਿੰਗਾਂ ਕਰਕੇ ਆਮ ਲੋਕਾਂ ਦੇ ਮਸਲੇ ਹੱਲ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਕਰਮਚਾਰੀ ਵਿੰਗ ਦੇ ਪ੍ਰਧਾਨ ਹਰਭਜਨ ਸਿੰਘ ਈ.ਟੀ.ਓ., ਟਰਾਂਸਪੋਰਟ ਵਿੰਗ ਦੇ ਪ੍ਰਧਾਨ ਦਲਬੀਰ ਸਿੰਘ ਟੋਂਗ, ਟਰੇਡ ਵਿੰਗ ਦੇ ਰਮਨ ਮਿੱਤਲ ਅਤੇ ਅਨਿਲ ਠਾਕੁਰ, ਕਿਸਾਨ ਵਿੰਗ ਦੇ ਪ੍ਰਧਾਨ ਗੁਰਜੀਤ ਗਿੱਲ, ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ, ਬੀ.ਸੀ. ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਹਡਾਨਾ, ਐੱਸ.ਸੀ. ਵਿੰਗ ਦੇ ਪ੍ਰਧਾਨ ਅਮਰੀਕ ਸਿੰਘ ਬਾਂਗੜ ਅਤੇ ਹੋਰ ਆਗੂ ਵੀ ਹਾਜ਼ਰ ਸਨ।