#PUNJAB

ਜਲੰਧਰ ਜ਼ਿਮਨੀ ਚੋਣ: 14 ਜੂਨ ਤੋਂ 21 ਜੂਨ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

ਚੰਡੀਗੜ੍ਹ/ਜਲੰਧਰ, 14 ਜੂਨ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.), ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਣਗੇ।
ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ 26 ਜੂਨ ਹੈ। ਵੋਟਾਂ 10 ਜੁਲਾਈ ਬੁੱਧਵਾਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (10 ਜੂਨ) ਤੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਭਾਵ 15 ਜੁਲਾਈ ਤੱਕ ਲਾਗੂ ਰਹੇਗਾ।