8.7 C
Sacramento
Tuesday, March 28, 2023
spot_img

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਚ ਬਸਪਾ ਉਤਾਰੇਗੀ ਉਮੀਦਵਾਰ

* ਅਕਾਲੀ-ਬਸਪਾ ਗੱਠਜੋੜ ਵੱਲੋਂ ਰਣਨੀਤੀ ਤਿਆਰ
* ਮਾਇਆਵਤੀ ਕਰੇਗੀ ਚੋਣ ਪ੍ਰਚਾਰ  
ਜਲੰਧਰ, 9 ਫਰਵਰੀ (ਪੰਜਾਬ ਮੇਲ)- ਕਾਂਗਰਸ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ (ਬਹੁਜਨ ਸਮਾਜ ਪਾਰਟੀ) ਗੱਠਜੋੜ ਵੱਲੋਂ ਪੁਰਾਣੇ ਟਕਸਾਲੀ ਬਸਪਾਈ ਨੂੰ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਜਾਵੇਗਾ। ਬਸਪਾ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਵੀ ਉਪ ਚੋਣ ਦਾ ਐਲਾਨ ਹੋਣ ਤੋਂ ਬਾਅਦ ਜਲੰਧਰ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰੇਗੀ। ਅਕਾਲੀ-ਬਸਪਾ ਗੱਠਜੋੜ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਮੁਹਿੰਮ ਲਈ ਵੀ ਸਾਂਝੀ ਰਣਨੀਤੀ ਤਿਆਰ ਕਰ ਲਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦੋ ਦਿਨਾ ਜਲੰਧਰ ਦੌਰੇ ਤੋਂ ਬਾਅਦ ਹੁਣ ਬਸਪਾ ਜਲੰਧਰ ਲੋਕ ਸਭਾ ਹਲਕੇ ਵਿਚ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੀ ਹੈ।
ਬਸਪਾ ਦੇ ਕੇਂਦਰੀ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਟਕਸਾਲੀ ਬਸਪਾ ਵੱਲੋਂ ਉਮੀਦਵਾਰ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਸਿਹਤ ਖਰਾਬ ਹੋਣ ਕਾਰਨ ਚੋਣ ਪ੍ਰਚਾਰ ਪ੍ਰੋਗਰਾਮ ਕੁਝ ਸਮੇਂ ਲਈ ਰੁਕ ਗਿਆ ਹੈ ਪਰ ਇਸਨੂੰ ਜਲਦੀ ਹੀ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਰਣਧੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਉਪ ਚੋਣਾਂ ਦੇ ਐਲਾਨ ਤੋਂ ਬਾਅਦ ਕੁਮਾਰੀ ਮਾਇਆਵਤੀ ਦੀ ਜਲੰਧਰ ਚੋਣ ਪ੍ਰਚਾਰ ਰੈਲੀਆਂ ਸਬੰਧੀ ਪ੍ਰੋਗਰਾਮ ਵੀ ਐਲਾਨਿਆ ਜਾਵੇਗਾ।
ਲੋਕ ਸਭਾ ਜ਼ਿਮਨੀ ਚੋਣ ਲਈ ਬਸਪਾ ਦੇ ਸੰਭਾਵੀ ਉਮੀਦਵਾਰ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਚੋਣ ਲੜਨ ਲਈ ਸਿਰਫ਼ ਪੁਰਾਣੇ ਬਸਪਾਈ ਨੂੰ ਹੀ ਉਮੀਦਵਾਰ ਵਜੋਂ ਉਤਾਰਿਆ ਜਾ ਸਕਦਾ ਹੈ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਕਿ ਐਡਵੋਕੇਟ ਬਲਵਿੰਦਰ ਕੁਮਾਰ, ਜੋ ਪਹਿਲਾਂ ਜਲੰਧਰ ਤੋਂ ਲੋਕ ਸਭਾ ਅਤੇ ਕਰਤਾਰਪੁਰ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ, ਨੂੰ ਵੀ ਉਮੀਦਵਾਰ ਬਣਾਇਆ ਜਾ ਸਕਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿਚ ਐਡਵੋਕੇਟ ਬਲਵਿੰਦਰ ਕੁਮਾਰ ਨੇ ਦੋ ਲੱਖ ਤੋਂ ਵੱਧ ਵੋਟਾਂ ਹਾਸਲ ਕਰਕੇ ਜਲੰਧਰ ਦੇ ਸਿਆਸੀ ਇਤਿਹਾਸ ਵਿਚ ਨਵਾਂ ਇਤਿਹਾਸ ਰਚਿਆ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਚੰਗੀ ਕਾਰਗੁਜ਼ਾਰੀ ਦੇ ਬਾਵਜੂਦ ਆਮ ਆਦਮੀ ਪਾਰਟੀ ‘ਆਪ’ ਉਮੀਦਵਾਰ ਬਲਕਾਰ ਸਿੰਘ ਤੋਂ ਹਾਰ ਗਏ ਸੀ।
ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਬਸਪਾ ਵੱਲੋਂ ਗੱਠਜੋੜ ਕੀਤਾ ਗਿਆ ਸੀ। ਗੱਠਜੋੜ ਨਾਲ ਲੜੀਆਂ ਵਿਧਾਨ ਸਭਾ ਚੋਣਾਂ ਦੌਰਾਨ ਲਗਭਗ ਢਾਈ ਦਹਾਕਿਆਂ ਦੇ ਵਕਫੇ ਮਗਰੋਂ ਨਵਾਂਸ਼ਹਿਰ ਤੋਂ ਵੀ ਬਸਪਾ ਇਕ ਸੀਟ ਜਿੱਤਣ ਵਿਚ ਸਫਲ ਰਹੀ ਸੀ। ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਸਪਾ ਸੁਪਰੀਮੋ ਮਾਇਆਵਤੀ ਨੇ ਸਾਂਝੇ ਤੌਰ ‘ਤੇ ਗੱਠਜੋੜ ਨੂੰ ਜਾਰੀ ਰੱਖਣ ਦੀ ਗੱਲ ਕੀਤੀ ਸੀ ਅਤੇ ਪੰਜਾਬ ਵਿਚ ਹੋਣ ਵਾਲੀਆਂ ਨਿਗਮ ਚੋਣਾਂ ਵੀ ਲੜਨ ਦਾ ਫੈਸਲਾ ਕੀਤਾ ਗਿਆ ਸੀ।

Related Articles

Stay Connected

0FansLike
3,754FollowersFollow
20,700SubscribersSubscribe
- Advertisement -spot_img

Latest Articles